ਲਾਲੜੂ (ਐਸ.ਏ.ਐਸ ਨਗਰ), 21 ਮਈ, 2025: ਦੇਸ਼ ਕਲਿੱਕ ਬਿਓਰੋ
ਵਿਧਾਇਕ ਡੇਰਾਬੱਸੀ, ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਖੇਤਰ ਦੇ ਚਾਰ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਤਹਿਤ ਅੱਜ ਵੱਖ-ਵੱਖ ਸਰਕਾਰੀ ਸਕੂਲਾਂ ਦੇ ਦੌਰੇ ਸਮੇਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਗਈਆ ਅਤਿ-ਆਧੁਨਿਕ ਵਿਦਿਅਕ ਸਹੂਲਤਾਂ ਨੂੰ ਦੇਖਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀ ਗਈ ਤਬਦੀਲੀ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਨੂੰ ਨਵੀ ਉਚਾਈਆਂ ਤੱਕ ਲਿਜਾਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਕੂਲਾਂ ਦੀ ਇਮਾਰਤਾਂ ਨੂੰ ਨਵੀਂ ਰੂਪ-ਰੇਖਾ ਦੇਣ, ਕਲਾਸ ਰੂਮਾਂ ਦੀ ਸਫਾਈ, ਸਕੂਲਾਂ ਵਿੱਚ ਰੰਗ ਰੋਗਨ, ਪੇਟਿੰਗ, ਪਾਣੀ ਦੀ ਸਹੂਲਤ, ਟਾਇਲਟ ਬਲਾਕਾਂ, ਚਾਰਦੀਵਾਰੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਅਧਿਆਪਕਾਂ ਨੂੰ ਫਿਨਲੈਂਡ ਅਤੇ ਸਿੰਘਾਪੁਰ ਵਿਖੇ ਅੰਤਰਰਾਸ਼ਟਰੀ ਸਿਖਲਾਈ ਦਿਵਾਈ ਜਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦਾ ਵਿਸ਼ਵਾਸ ਬਣਨ ਕਰਕੇ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਲਿਆਏ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸਕੂਲਾਂ ਨੂੰ ਸੋਹਣਾ ਅਤੇ ਸਿੱਖਣ ਯੋਗ ਬਣਾਉਣ ਦੀ ਵਚਨਬੱਧਤਾ ਹੇਠ ਨਿੱਤ ਨਵੇਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਹ ਕਾਰਜ ਨਾ ਸਿਰਫ਼ ਬੱਚਿਆਂ ਲਈ ਸੁਖਦਾਇਕ ਸਿੱਖਣ ਵਾਲਾ ਮਾਹੌਲ ਬਣਾਉਣਗੇ, ਸਗੋਂ ਮਾਪਿਆਂ ਵਿਚ ਵੀ ਸਰਕਾਰੀ ਸਕੂਲਾਂ ਪ੍ਰਤੀ ਭਰੋਸੇਯੋਗਤਾ ਵਧਾਉਣਗੇ।
ਡੇਰਾਬਸੀ ਦੇ ਲਾਲੜੂ ਖੇਤਰ ਵਿੱਚ ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਦੀ ਕੁੱਲ ਲਾਗਤ 57 ਲੱਖ 84 ਹਜ਼ਾਰ ਰੁਪਏ ਹੈ ਅਤੇ ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਰਾਮਪੁਰ ਬਹਾਲ ਵਿੱਚ 22 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਖੇਡ ਮੈਦਾਨ ਦੇ ਚਲ ਰਹੇ ਕੰਮ, ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਖੇੜੀ ਜੱਟਾਂ ਵਿੱਚ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ, ਸਰਕਾਰੀ ਮਿਡਲ ਸਕੂਲ, ਪਿੰਡ ਸਿਓਲੀ ਵਿੱਚ 08 ਲੱਖ 27 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਹੋਏ ਹੋਰ ਕੰਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ, ਪਿੰਡ ਭੁਖੜੀ ਵਿੱਚ 19 ਲੱਖ 67 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਹਾਲ ਤੇ ਸਾਇੰਸ ਲੈਬ ਦਾ ਉਦਘਾਟਨ ਕੀਤਾ।
ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਰੰਧਾਵਾ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੋ ਕਹਿੰਦੀ ਹੈ, ਉਹ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਉਸ ਦੇਸ਼ ਦੇ ਨਿਵਾਸੀਆਂ ਦਾ ਸਿਹਤਮੰਦ ਅਤੇ ਸਿੱਖਿਅਕ ਹੋਣਾ ਜਰੂਰੀ ਹੈ। ਇਸ ਲੀਹ ਤੇ ਚਲਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲ ਕਿਸ ਤਰ੍ਹਾਂ ਪ੍ਰਾਈਵੇਟ ਸਕੂਲਾਂ ਵਾਂਗ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇ ਰਹੇ ਹਨ ਇਹ ਗੱਲ ਪੰਜਾਬ ਦੇ ਹਰ ਬੱਚੇ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚਾ ਰਹੀ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵੱਧ ਤੋਂ ਵੱਧ ਕਰਵਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲ ਹੁਣ ਕਿਸੇ ਪ੍ਰਾਈਵੇਟ ਸਕੂਲ ਨਾਲੋਂ ਘੱਟ ਨਹੀਂ ਹਨ।
ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ।