ਚੰਡੀਗੜ੍ਹ, 23 ਮਈ, ਦੇਸ਼ ਕਲਿੱਕ ਬਿਓਰੋ :
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਜੀਵਨ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੀਤੀ ਗਈ ਗ੍ਰਿਫ਼ਤਾਰੀ ਨੂੰ ਸਿਰਫ਼ ਡਰਾਮਾ ਕਰਾਰ ਦਿੰਦਿਆਂ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਆਪਣੇ ਪ੍ਰਚਾਰ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਅਤੇ ਜਨਤਾ ਨੂੰ ਮੂਰਖ ਬਣਾਉਣ ਲਈ ਕੁਝ ਵੀ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਰਮਨ ਅਰੋੜਾ ਨੂੰ ਨਗਰ ਨਿਗਮ ਦੇ ਸਾਬਕਾ ਸਹਾਇਕ ਟਾਊਨ ਪਲੈਨਰ ਸੁਖਦੇਵ ਵਸ਼ਿਸ਼ਠ ਨਾਲ ਸਬੰਧਤ ਜਾਂਚ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਰਮਨ ਅਰੋੜਾ ਨੇ ਵਸ਼ਿਸ਼ਠ ਦੀ ਮਦਦ ਨਾਲ ਜਾਅਲੀ ਨੋਟਿਸ ਜਾਰੀ ਕੀਤੇ ਅਤੇ ਕਈ ਲੋਕਾਂ ਤੋਂ ਜ਼ਬਰਦਸਤੀ ਪੈਸੇ ਇਕੱਠੇ ਕੀਤੇ ਹਨ।
ਜੀਵਨ ਗੁਪਤਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਤੇ ਹੁਣ ਤੱਕ ਕੀਤੀ ਗਈ ਕਾਰਵਾਈ ‘ਤੇ ਸਵਾਲ ਚੁਕਦੀਆਂ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਵੀ ਮਾਨਸਾ ਤੋਂ ‘ਆਪ’ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਅੱਜ ਤੱਕ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਵਿਜੇ ਸਿੰਗਲਾ ਅਜੇ ਵੀ ਪਾਰਟੀ ਗਤੀਵਿਧੀਆਂ ਵਿੱਚ ਹਿੱਸਾ ਲੈ ਰਹੇ ਹਨ ਅਤੇ ਵਿਧਾਇਕ ਦਾ ਅਹੁਦਾ ਸੰਭਾਲ ਰਹੇ ਹਨ। ਬਠਿੰਡਾ ਤੋਂ ‘ਆਪ’ ਵਿਧਾਇਕ ਦੇ ਪੀਏ ਨੂੰ ਵੀ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਅਮਿਤ ਰਤਨ ‘ਤੇ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।
ਗੁਪਤਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਾਮਲੇ ਵਿੱਚ ‘ਆਪ’ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਵੀ ਭਗਵੰਤ ਮਾਨ ਸਰਕਾਰ ਨੇ ਅੱਜ ਤੱਕ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਇੰਨਾ ਹੀ ਨਹੀਂ, ‘ਆਪ’ ਆਗੂਆਂ ‘ਤੇ ਟਰੱਕ ਯੂਨੀਅਨ ਦੇ ਪ੍ਰਧਾਨ ਦੇ ਅਹੁਦਿਆਂ ਲਈ ਲੜਨ ਅਤੇ ਪੈਸਿਆਂ ਦੇ ਬਦਲੇ ਪ੍ਰਧਾਨ ਦੇ ਅਹੁਦੇ ਵੇਚਣ ਦੇ ਦੋਸ਼ ਲੱਗ ਚੁਕੇ ਹਨ, ਪਰ ਉਨ੍ਹਾਂ ਮਾਮਲਿਆਂ ਵਿੱਚ ਵੀ ਹੁਣ ਤੱਕ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਆਗੂਆਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਇਸ ਤੇ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਸਪੱਸ਼ਟ ਕਰਨ।