ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਮਈ, 2025, ਦੇਸ਼ ਕਲਿੱਕ ਬਿਓਰੋ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲੈ ਕੇ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਿੱਢੀ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤੇ ਜਾ ਰਿਹਾ ਹੈ ਤੇ ਨਾਲ ਹੀ ਹੋਰ ਹੋਣ ਵਾਲੇ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਅੱਜ ਉਨ੍ਹਾਂ ਦੇ ਡੇਰਾਬਸੀ ਦੇ ਹਲਕੇ ਲਾਲੜੂ ਅਧੀਨ ਆਉਂਦੇ ਚਾਰ ਪਿੰਡਾਂ ਦੇ ਸਕੂਲਾਂ ਵਿੱਚ 74.61 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਅਰਪਣ ਕੀਤੇ ਗਏ।
ਇਸੇ ਲੜੀ ਤਹਿਤ ਹਲਕਾ ਵਿਧਾਇਕ ਡੇਰਾਬਸੀ ਸ: ਕੁਲਜੀਤ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਪਿੰਡ ਡਹਿਰ ਵਿੱਚ 33.46 ਲੱਖ ਰੁਪਏ ਦੀ ਲਾਗਤ ਨਾਲ (ਦੋ ਸਮਾਰਟ ਕਲਾਸ ਰੂਮ, ਚਾਰਦੀਵਾਰੀ ਤੇ ਹੋਰ) ਹੋਏ ਕੰਮਾਂ ਦਾ ਉਦਘਾਟਨ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਗਰਾ ਵਿੱਚ 20.39 ਲੱਖ ਰੁਪਏ ਦੀ ਲਾਗਤ ਨਾਲ (ਇੱਕ ਸਮਾਰਟ ਕਲਾਸ ਰੂਮ, ਚਾਰਦੀਵਾਰੀ) ਹੋਏ ਕੰਮਾਂ ਦਾ ਉਦਘਾਟਨ , ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਜਲਾਲਪੁਰ ਵਿੱਚ 11.21 ਲੱਖ ਰੁਪਏ ਦੀ ਲਾਗਤ ਨਾਲ (ਇੱਕ ਸਮਾਰਟ ਕਲਾਸ ਰੂਮ, ਤੇ ਹੋਰ ਕੰਮ) ਹੋਏ ਕੰਮਾਂ ਦਾ ਉਦਘਾਟਨ ਅਤੇ ਇਸ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੈਹਲੀ ਵਿੱਚ 9.55 ਲੱਖ ਰੁਪਏ ਦੀ ਲਾਗਤ ਨਾਲ (ਇੱਕ ਸਮਾਰਟ ਕਲਾਸ ਰੂਮ,) ਹੋਏ ਕੰਮਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਹਲਕਾ ਵਿਧਾਇਕ ਡੇਰਾਬਸੀ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅਧਿਆਪਕ ਆਪਣੀ ਡਿਊਟੀ ਨੂੰ ਡਿਊਟੀ ਨਹੀਂ, ਸਗੋਂ ਪੂਜਾ ਸਮਝ ਕੇ ਕਰਨ ਨੂੰ ਤਰਜੀਹ ਦੇਣ, ਤਾਂ ਕਿ ਵਿਦਿਆਰਥੀਆਂ ਦਾ ਭਵਿੱਖ ਹੋਰ ਰੌਸ਼ਨ ਬਣ ਸਕੇ। ਉਨ੍ਹਾਂ ਕਿਹਾ ਕਿ ਇਕ ਦਿਨ ਆਵੇਗਾ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਹਰ ਕੋਈ ਚਾਹਵਾਨ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕਰ ਕੇ ਸਰਕਾਰ ਨੇ ਇੱਕ ਅਜਿਹਾ ਉਪਰਾਲਾ ਕੀਤਾ ਹੈ, ਜਿਸ ਨਾਲ ਆਮ ਘਰਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਆਧੁਨਿਕ ਢੰਗ-ਤਰੀਕਿਆਂ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਖੇ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਿਲ ਕਰ ਸਕਣ। ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਇਹ ਟੀਚਾ ਹੈ ਕਿ ਵਧ ਤੋਂ ਵਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਵਡਮੁੱਲੇ ਤਜਰਬੇ ਅਤੇ ਸਰਕਾਰੀ ਸਕੂਲਾਂ ਦੇ ਚੰਗੇ ਬੁਨਿਆਦੀ ਢਾਂਚੇ ਦਾ ਲਾਹਾ ਲੈਣ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਆਪਕ ਸੁਧਾਰ ਦੀ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ, ਜੇ ਮਾਪੇ ਤੇ ਅਧਿਆਪਕ ਪੂਰਨ ਸਹਿਯੋਗ ਦਿੰਦੇ ਰਹਿਣ।
ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕ, ਵਿਦਿਆਰਥੀ, ਉਨ੍ਹਾਂ ਦੇ ਮਾਪੇ, ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।