ਦਲਜੀਤ ਕੌਰ
ਦਿੜ੍ਹਬਾ, 25 ਮਈ, 2025: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 1300 ਏਕੜ ਤੋਂ ਵਧੇਰੇ ਰਕਬੇ ਨੂੰ ਲੰਮੇ ਸਮੇਂ ਬਾਅਦ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਛਾਜਲੀ, ਹਰਿਆਉ ਅਤੇ ਪਿੰਡ ਗਿੱਦੜਆਣੀ ਵਿੱਚ ਪਾਈਪ ਲਾਈਨਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ ਪਾਈਪ ਪਾਉਣ ਦੇ ਕੰਮ ਦੀ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਅੱਜ ਸ਼ੁਰੂਆਤ ਕਰਵਾਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ ਚੀਮਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਸੈਂਕੜੇ ਕਿਸਾਨਾਂ ਦੇ 1300 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਕੁੱਲ 3.40 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ।
ਉਹਨਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਝੋਨੇ ਦੀ ਬਿਜਾਈ ਅਤੇ ਹੋਰ ਫ਼ਸਲਾਂ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਹਨ। ਫ਼ਸਲ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਭਾਰੀ ਮੁਸ਼ੱਕਤ ਕਰਨੀ ਪੈਂਦੀ ਹੈ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਪਿੰਡ ਛਾਜਲੀ, ਹਰਿਆਉ ਅਤੇ ਗਿੱਦੜਆਣੀ ਦੇ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਲਾਕੇ ਦੀ ਲੋੜ੍ਹ ਨੂੰ ਸਮਝਦੇ ਹੋਏ ਇਹ ਵੱਡੀ ਮੰਗ ਨੂੰ ਪੂਰਾ ਕੀਤਾ ਹੈ।
ਇਸ ਮੌਕੇ ਪੁੱਛੇ ਜਾਣ ਉੱਤੇ ਸ੍ਰ ਹਰਪਾਲ ਸਿੰਘ ਚੀਮਾ ਕਿਹਾ ਕਿ ਲੁਧਿਆਣਾ (ਪੱਛਮੀ) ਵਿਧਾਨ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਹੀ ਜਿੱਤੇਗੀ। ਜਦਕਿ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।
ਪਾਣੀਆਂ ਦੇ ਮੁੱਦੇ ਬਾਰੇ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਾਣੀ ਦੀ ਲੜ੍ਹਾਈ ਲੜ੍ਹ ਰਹੀ ਹੈ। ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਪਾਣੀ ਦਾ ਇੱਕ ਵੀ ਤੁਪਕਾ ਦੇਣ ਲਈ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਤਾਂ ਪਹਿਲਾਂ ਹੀ 153 ਬਲਾਕਾਂ ਵਿੱਚੋਂ 117 ਬਲਾਕ ਡਾਰਕ ਜ਼ੋਨ ਐਲਾਨੇ ਜਾ ਚੁੱਕੇ ਹਨ। ਅਜਿਹੀ ਸਥਿਤੀ ਵਿਚ ਸੂਬੇ ਦੀ ਕਿਸਾਨੀ ਨੂੰ ਅਣਦੇਖਾ ਕਰਕੇ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਲੁਟਾਇਆ ਨਹੀਂ ਜਾ ਸਕਦਾ।
ਉਹਨਾਂ ਕਿਹਾ ਕਿ ਨੀਤੀ ਅਯੋਗ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹਿੱਤਾਂ ਨੂੰ ਚੰਗੀ ਤਰ੍ਹਾਂ ਰੱਖਿਆ ਹੈ। ਇਸ ਮੌਕੇ ਨਿੱਜੀ ਸਹਾਇਕ ਸ੍ਰ ਤਪਿੰਦਰ ਸਿੰਘ ਸੋਹੀ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।