ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

Published on: May 26, 2025 4:53 pm

ਪੰਜਾਬ

ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 26 ਮਈ: ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ।  

ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, ਮਾਨਾਂ ਅਤੇ ਬਾਦਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਸਭਾਵਾਂ ਕਰਵਾਈਆਂ ਗਈਆਂ। ਇਨ੍ਹਾਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ।

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗੇਵਾਲਾ, ਮਾਨ ਸਿੰਘ ਵਾਲਾ ਅਤੇ ਕਾਨਿਆਂਵਾਲੀ ਵਿਖੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਹੋਈਆਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਾਥ ਦੇਣ, ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਸ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸੇ ਤਰ੍ਹਾਂ ਮਲੋਟ ਹਲਕੇ ਦੇ ਪਿੰਡ ਮੌੜ, ਬੱਲਮਗੜ੍ਹ, ਭਾਗਸਰ, ਗੰਧੜ ਤੋਂ ਇਲਾਵਾ ਮਲੋਟ ਦੇ ਵਾਰਡ ਨੰਬਰ 24, 25, 26 ਅਤੇ 27 ਵਿਖੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਜਸ਼ਨ ਬਰਾੜ ਨੇ ਲੋਕਾਂ ਨੂੰ ਨਸ਼ੇ ਵਿਰੁੱਧ ਲੜਾਈ ਦਾ ਹਲਫ ਦਿਵਾਇਆ ਅਤੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ, ਜਿਸ ਤਹਿਤ ਨਸ਼ੇ ਦੇ ਖਾਤਮੇ ਲਈ ਲੋਕ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਨਸ਼ੇ ਵਿਰੁੱਧ ਜੰਗ ਵਿਚ  ਅਹਿਮ ਭੂਮਿਕਾ ਨਿਭਾਉਣ ਦੀ ਸਹੁੰ ਵੀ ਚੁਕਾਈ।  

 ਹਲਕਾ ਗਿੱਦੜਬਾਹਾ ਦੇ ਪਿੰਡ ਖੁੰਨਣ ਖੁਰਦ, ਗਿਲਜੇਵਾਲਾ ਅਤੇ ਚੱਕ ਗਿਲਜੇਵਾਲਾ ਵਿਖੇ ਹਲਕਾ ਵਿਧਾਇਕ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿੱਚ ਸਭਾਵਾਂ ਕੀਤੀਆਂ।

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਅਭੇ ਸਿੰਘ ਢਿੱਲੋਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੁਆਰਡੀਨੇਟਰ ਬਲਰਾਜ ਸਿੰਘ, ਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਸਰਪੰਚ ਜਗਸੀਰ ਸਿੰਘ ਸੰਧੂ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।