ਮੋਹਾਲੀ, 26 ਮਈ : ਦੇਸ਼ ਕਲਿੱਕ ਬਿਓਰੋ
ਸਿਹਤ ਵਿਭਾਗ ਵਲੋਂ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ 17 ਮਈ ਤੋਂ 17 ਜੂਨ ਤਕ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਹਰ ਵਿਅਕਤੀ ਖ਼ਾਸਕਰ 30 ਸਾਲ ਤੋਂ ਉਪਰਲੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨੇੜਲੀ ਸਿਹਤ ਸੰਸਥਾ ਵਿਖੇ ਜਾ ਕੇ ਅਪਣੀ ਜਾਂਚ ਕਰਾਉਣ ਤਾਕਿ ਇਨ੍ਹਾਂ ਬੀਮਾਰੀਆਂ ਦਾ ਸਮੇਂ ਸਿਰ ਪਤਾ ਚੱਲ ਸਕੇ। ਇਥੇ ਜਾਰੀ ਪ੍ਰੈੱਸ ਨੋਟ ਵਿਚ ਡਾ. ਜੈਨ ਨੇ ਆਖਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਵੱਖ-ਵੱਖ ਸਾਧਨਾਂ ਜਿਵੇਂ ਰੈਲੀਆਂ, ਜਨਤਕ ਸੈਮੀਨਾਰਾਂ, ਨੁੱਕੜ ਨਾਟਕਾਂ, ਪੇਂਟਿੰਗਾਂ, ਵੈਬੀਨਾਰਾਂ ਆਦਿ ਰਾਹੀਂ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਤਾਕਿ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਬਚਾਅ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਇਹੋ ਹੈ ਕਿ ਹਰ ਵਿਅਕਤੀ ਅੰਦਰ ਗ਼ੈਰ-ਸੰਚਾਰੀ ਬੀਮਾਰੀਆਂ ਜਿਵੇਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਆਮ ਕੈਂਸਰ ਆਦਿ ਦਾ ਪਤਾ ਲਗਾਇਆ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਕਿ ਸਮੇਂ ਸਿਰ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਬੀਮਾਰੀਆਂ ਅਕਸਰ ਜਾਗਰੂਕਤਾ ਦੀ ਘਾਟ ਕਾਰਨ ਹੋ ਜਾਂਦੀਆਂ ਹਨ। ਜੀਵਨ ਸ਼ੈਲੀ ਵਿਚ ਲੋੜੀਂਦਾ ਬਦਲਾਅ ਕਰ ਕੇ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ। ਸਿਵਲ ਸਰਜਨ ਨੇ ਦਸਿਆ ਕਿ ਗ਼ੈਰ-ਸੰਚਾਰੀ ਬੀਮਾਰੀਆਂ ਆਮ ਤੌਰ ’ਤੇ ਲੰਮੀ ਮਿਆਦ ਵਾਲੀਆਂ ਬੀਮਾਰੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਠੀਕ ਹੋਣ ’ਚ ਸਮਾਂ ਲਗਦਾ ਹੈ। ਇਨ੍ਹਾਂ ਬੀਮਾਰੀਆਂ ਵਿਚ ਮੁੱਖ ਤੌਰ ’ਤੇ ਹਾਈ ਬਲੱਡ ਪ੍ਰੈਸ਼ਰ, ਦਿਲ ਦਾ ਦੌਰਾ, ਕੈਂਸਰ, ਸਾਹ ਦੀਆਂ ਬੀਮਾਰੀਆਂ, ਸ਼ੱਕਰ ਰੋਗ, ਅਸਥਮਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੀ ਲਗਾਤਾਰ ਅਤੇ ਸਮਾਂਬੱਧ ਜਾਂਚ ਬਹੁਤ ਜ਼ਰੂਰੀ ਹੈ ਕਿਉਂਕਿ ਕਈ ਵਾਰ ਜਾਂਚ ਨਾ ਹੋਣ ਕਾਰਨ ਬੀਮਾਰੀ ਗੰਭੀਰ ਰੂਪ ਅਖ਼ਤਿਆਰ ਕਰ ਲੈਂਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 30 ਸਾਲ ਤੋਂ ਉਪਰਲਾ ਹਰ ਵਿਅਕਤੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਜ਼ਰੂਰ ਕਰਵਾਏ। ਜਾਣਕਾਰੀ ਲਈ ਸਿਹਤ ਵਿਭਾਗ ਦੇ ਮੈਡੀਕਲ ਹੈਲਪਲਾਈਨ ਨੰਂ. 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।