ਦਲਜੀਤ ਕੌਰ
ਧੂਰੀ, 27 ਮਈ, 2025: ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ, ਧੂਰੀ ਦੇ ਪਿੰਡ ਮੁੱਲੋਵਾਲ ਵਿਖੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ।
ਸ. ਢਿੱਲੋਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।
ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਹਨਾਂ ਦਾ ਮੁਫਤ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਉਣ।
ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਨੇ ਕਿਹਾ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿਠਿਆ ਜਾ ਰਿਹਾ ਹੈ ਅਤੇ ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ।
ਇਸ ਮੌਕੇ ਰਸ਼ਪਾਲ ਸਿੰਘ ਹਲਕਾ ਕੋਆਰਡੀਨੇਟਰ, ਸੁਰਜੀਤ ਸਿੰਘ, ਤੇਜੀ ਕਕੜਵਾਲ ਅਤੇ ਸਰਪੰਚ ਸੁਖਚੈਨ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।