ਮੋਹਾਲੀ, 27 ਮਈ,2025: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਮੋਹਾਲੀ ਦੇ MLA Kulwant Singh ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਲੋ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਰਿਪੇਅਰ ਅਤੇ ਸਕੂਲ ਦੀ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖੁਰਦ ਵਿਖੇ 7 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਅਤੇ ਚੱਪੜਚਿੜੀ ਕਲਾਂ ਦੇ ਸਰਕਾਰੀ ਮਿਡਲ ਸਕੂਲ ਵਿਖੇ 06 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਸਕੂਲੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਇਸ ਮੌਕੇ ਬੋਲਦਿਆਂ MLA Kulwant Singh ਨੇ ਕਿਹਾ ਕਿ ਸਿੱਖਿਆ ਢਾਂਚੇ ਨੂੰ ਬਿਹਤਰੀਨ ਬਣਾਉਣ ਦਾ ਵਾਅਦਾ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਈ ਸੀ ਤੇ ਸਰਕਾਰ ਨੇ ਦਿਨ ਰਾਤ ਇੱਕ ਕਰ ਕੇ ਇਹ ਵਾਅਦਾ ਪੂਰਾ ਕੀਤਾ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 20 ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 100 ਦੇ ਕਰੀਬ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ।
ਸਰਕਾਰੀ ਸਕੂਲਾਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਤੇ 10 ਹਜ਼ਾਰ ਵਿਦਿਆਰਥੀ ਬੱਸ ਸੇਵਾ ਦਾ ਲਾਭ ਲੈ ਰਹੇ ਹਨ। ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ। ਜ਼ਿਆਦਾਤਰ ਸਕੂਲਾਂ ਨੂੰ ਇੰਟਰਨੈਟ ਵਾਈ ਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ।
ਸੂਬੇ ਵਿੱਚ ਨਿਵੇਸ਼ ਦੀ ਦਰ ਵੀ ਬਹੁਤ ਉੱਪਰ ਗਈ ਹੈ ਅਤੇ 97 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ, ਤਹਿਸੀਲਦਾਰ ਮੋਹਾਲੀ, ਰੋਬਿਨਜੀਤ ਕੌਰ, ਡੀ.ਈ.ਓ. ਪ੍ਰਾਇਮਰੀ, ਦਰਸ਼ਨਜੀਤ ਸਿੰਘ, ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ, ਮੁੱਖ ਅਧਿਆਪਕ ਸਰਕਾਰੀ ਮਿਡਲ ਸਕੂਲ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖੁਰਦ, ਹਰਪ੍ਰੀਤ ਕੌਰ ਅਤੇ ਨੀਨਾ, ਮੁੱਖ ਅਧਿਆਪਕ ਲਖਵਿੰਦਰ ਕੌਰ, ਪਿੰਡ ਕੈਲੋ, ਜਸਪਾਲ ਮਸੀਹ ਜੇ.ਈ, ਗੁਰਪ੍ਰੀਤ ਸਿੰਘ ਕੁਰੜਾ, ਹਲਕਾ ਕੋਆਰਡੀਨੇਟਰ, ਸਰਪੰਚ ਮਨਜੀਤ ਕੌਰ, ਚੱਪੜਚਿੜੀ ਖੁਰਦ, ਸਰਪੰਚ ਕੈਲੋ , ਤਰਲੋਚਨ ਸਿੰਘ ਤੋਚੀ ਮੌਜੂਦ ਸਨ।