ਬਠਿੰਡਾ, 30 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਆਗੂਆਂ ਦੀਆਂ ਜਾਇਦਾਦਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਨੀਅਨਾਂ ਦੇ ਆਗੂਆਂ ਨੇ ਛੋਟੇ ਕਿਸਾਨਾਂ ਪੈਸੇ ਇਕੱਠੇ ਕਰਕੇ ਆਪਣੀਆਂ ਮੋਟੀਆਂ ਜਾਇਦਾਦਾਂ ਬਣਾ ਲਈਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੇ ਲੀਡਰ ਗੈਰ-ਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਕੇ ਵੱਡੀਆਂ ਜਾਇਦਾਦ ਦੇ ਮਾਲਕ ਬਣੇ ਹੋਏ ਹਨ ਅਤੇ ਇੱਥੋਂ ਤੱਕ ਕਿ ਇਨ੍ਹਾਂ ਦੀ ਸੂਬੇ ਦੇ ਕਈ ਹੋਟਲਾਂ ਤੇ ਹਸਪਤਾਲਾਂ ਵਿੱਚ ਵੀ ਹਿੱਸਾ ਪੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ।
ਕਿਸਾਨ ਯੂਨੀਅਨਾਂ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਯੂਨੀਅਨਾਂ ਦਾ ਵਜੂਦ ਵੱਖੋ-ਵੱਖਰਾ ਹੈ ਕਿਉਂਕਿ ਯੂਨੀਅਨਾਂ ਦੇ ਲੀਡਰਾਂ ਨੇ ਕਿਸਾਨਾਂ ਦੇ ਹਿੱਤ ਬਚਾਉਣ ਦੇ ਨਾਮ ’ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਯੂਨੀਅਨਾਂ ਨੂੰ ਖੇਤੀ ਸੰਕਟ ਨਾਲ ਜੁੜੇ ਮਸਲਿਆਂ ’ਤੇ ਉਨ੍ਹਾਂ ਨਾਲ ਲਾਈਵ ਬਹਿਸ ਕਰਨ ਦੀ ਚੁਣੌਤੀ ਦਿੱਤੀ।
ਮੁੱਖ ਮੰਤਰੀ ਨੇ ਬੀ.ਬੀ.ਐਮ.ਬੀ. ਅਤੇ ਹਰਿਆਣਾ ਨਾਲ ਪਾਣੀਆਂ ਦੇ ਮੁੱਦੇ ’ਤੇ ਕਿਸਾਨ ਯੂਨੀਅਨਾਂ ਵੱਲੋਂ ਚੁੱਪ ਸਾਧਣ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਦੇ ਕਿਸੇ ਵੀ ਲੀਡਰ ਇਕ ਬਿਆਨ ਤੱਕ ਵੀ ਜਾਰੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਬੇਤੁੱਕੇ ਮਸਲਿਆਂ ’ਤੇ ਸੜਕਾਂ ਅਤੇ ਰੇਲਾਂ ਰੋਕ ਕੇ ਸਿਰਫ ਆਪਣੀਆਂ ਦੁਕਾਨਾਂ ਚਲਾ ਰਹੀਆਂ ਹਨ ਜਦਕਿ ਪੰਜਾਬ ਦੇ ਸੰਜੀਦਾ ਮੁੱਦਿਆਂ ਪ੍ਰਤੀ ਚੁੱਪ ਧਾਰ ਲੈਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਉਹ ਸਿਰਫ ਆਪਣੇ ਹਿੱਤ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਸੰਘਰਸ਼ ਕਰਨ ਦੀ ਆੜ ਵਿੱਚ ਕਿਸਾਨਾਂ ਪਾਸੋਂ ਫੀਸ ਵਸੂਲਦੀਆਂ ਹਨ।