ਮਾਨਸਾ, 3 ਜੂਨ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸਿਲਸਿਲਾ ਜ਼ਿਲ੍ਹੇ ਅੰਦਰ ਲਗਾਤਾਰ ਜਾਰੀ ਹੈ, ਜਿਸ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਬੁਢਲਾਡਾ ਹਲਕੇ ਦੇ ਪਿੰਡਾਂ ਰੰਘੜਿਆਲ, ਖੱਤਰੀਵਾਲਾ, ਦਿਆਲਪੁਰਾ, ਕਿਸ਼ਨਗੜ੍ਹ, ਅਕਬਰਪੁਰ ਖੁਡਾਲ ਅਤੇ ਬਹਾਦਰਪੁਰ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਵਸਨੀਕਾਂ ਨਾਲ ਜਨ ਸਭਾਵਾਂ ਕੀਤੀਆਂ ਗਈਆਂ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਆਦਤ ਨਹੀਂ ਬਲਕਿ ਖੇਡਾਂ ਅਤੇ ਸਿੱਖਿਆ ਤੁਹਾਡੇ ਸੁਨਿਹਰੇ ਭਵਿੱਖ ਦਾ ਆਧਾਰ ਹਨ।
ਵਿਧਾਇਕ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਸ਼ਾ ਛੁਡਾਊ ਮੁਹਿੰਮ ਦਾ ਹਿੱਸਾ ਬਣ ਕੇ ਨਸ਼ਿਆਂ ਦੇ ਖਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਕਿਉਂਕਿ ਨੌਜਵਾਨ ਪੀੜ੍ਹੀ ਖੁਦ ਨਸ਼ਿਆਂ ਤੋਂ ਦੂਰ ਰਹਿ ਕੇ ਹੋਰਨਾਂ ਨੌਜਵਾਨਾਂ ਲਈ ਰਾਹ ਦਸੇਰਾ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਇਹ ਸਮਰੱਥਾ ਹੈ ਕਿ ਉਹ ਕਿਸੇ ਨਸ਼ੇ ਦੇ ਆਦੀ ਨੌਜਵਾਨ ਨੂੰ ਪ੍ਰੇਰਿਤ ਕਰ ਕੇ ਉਸਦਾ ਜੀਵਨ ਰੁਸ਼ਣਾ ਸਕਦੇ ਹਨ, ਤਾਂ ਜੋ ਉਹ ਵੀ ਨਸ਼ਿਆਂ ਦਾ ਤਿਆਗ ਕਰਕੇ ਸਮਾਜ ਦਾ ਜ਼ਿੰਮੇਵਾਰ ਹਿੱਸਾ ਬਣ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਜਨਸਭਾਵਾਂ ਦਾ ਮੰਤਵ ਨਸ਼ਿਆਂ ਦੀ ਵਰਤੋਂ ਕਰ ਰਹੇ ਨੌਜਵਾਨਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣਾ, ਨਸ਼ਿਆਂ ਤੋਂ ਮਨੁੱਖੀ ਸਰੀਰ ਅਤੇ ਸਮਾਜ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਉਣਾ ਅਤੇ ਨੌਜਵਾਨਾਂ ਨੂੰ ਨਸ਼ਾ ਤਸਕਰਾਂ ਦੇ ਚੰਗੁਲ ਵਿੱਚ ਫਸਣ ਤੋਂ ਰੋਕਣਾ ਹੈ।
ਉਨ੍ਹਾਂ ਸਮਾਗਮ ਦੌਰਾਨ ਮੌਜੂਦ ਲੋਕਾਂ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ, ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਦੀ ਸਹੁੰ ਚੁਕਾਈ। ਪਿੰਡ ਦੇ ਲੋਕਾਂ ਨੇ ਵਿਸਵਾਸ਼ ਦਿਵਾਇਆ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ੇ ਵੇਚਣ ਵਾਲਿਆਂ ਨੂੰ ਸਮਰਥਨ ਨਹੀਂ ਦੇਣਗੇ ਅਤੇ ਜੇਕਰ ਕੋਈ ਨਸ਼ਾ ਤਸਕਰ ਪਿੰਡ ਵਿੱਚ ਨਸ਼ਾ ਵੇਚਦਾ ਪਾਇਆ ਜਾਂਦਾ ਹੈ ਤਾਂ ਸਰਕਾਰ ਜਾਂ ਪ੍ਰਸ਼ਾਸਨ ਦਾ ਇਸਦੀ ਸੂਚਨਾ ਦੇਣਗੇ। ਉਨ੍ਹਾਂ ਕਿਹਾ ਕਿ ਨਸ਼ਾ ਨੌਜਵਾਨੀ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਬਹੁਤ ਹੀ ਖ਼ਤਰਨਾਕ ਹੈ ਇਸ ਲਈ ਇਸਦੀਆਂ ਜੜ੍ਹਾਂ ਪੁੱਟਣੀਆਂ ਸਾਡੀ ਸਭਦੀ ਸਮੂਹਿਕ ਜ਼ਿੰਮੇਵਾਰੀ ਹੈ।