ਪਿੰਡ ਗਹਿਲਾਂ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਨੂੰ ਸਿੰਜਾਈ ਲਈ ਪੈਣ ਵਾਲੀ ਪਾਈਪਲਾਈਨ ਨਾਲ ਮਿਲੇਗਾ ਨਹਿਰੀ ਪਾਣੀ

Published on: June 4, 2025 8:59 pm

ਪੰਜਾਬ

ਦਲਜੀਤ ਕੌਰ 

ਸੰਗਰੂਰ, 04 ਜੂਨ, 2025: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਗਹਿਲਾ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਦੀ ਸਿੰਜਾਈ ਲਈ ਲਗਭਗ 01.83 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦੇ ਕੰਮ ਸ਼ੁਰੂਆਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰਵਾਈ। ਇਸ ਮੌਕੇ ਪਹਿਲੀ ਵਾਰ ਆਪਣੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਵੇਖ ਕਿਸਾਨਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਵੱਡੀ ਖੁਸ਼ੀ ਜ਼ਾਹਿਰ ਕੀਤੀ। 

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੰਗਰੂਰ ਵਿੱਚ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਸਾਰੇ ਕੰਮ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਦੀ ਗੁਣਵੰਤਾ ਬਾਬਤ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਰਿਹਾ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਲਕੇ ਵਿੱਚ ਜਿਹੜੇ ਵੀ ਵਿਕਾਸ ਕਾਰਜ ਹੋ ਰਹੇ ਹਨ, ਉਹਨਾਂ ਉੱਤੇ ਖੁਦ ਨਜ਼ਰ ਰੱਖਣ, ਜੇਕਰ ਕਿਤੇ ਕੋਈ ਢਿੱਲ-ਮੱਠ ਸਾਹਮਣੇ ਆਉਂਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। 

ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਨਹਿਰੀ ਪਾਣੀ ਹਰ ਕਿਸਾਨ ਦੇ ਖੇਤ ਤਕ ਪੁਜਦਾ ਕੀਤਾ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। 

ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕਾ ਸੰਗਰੂਰ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। 

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਜਤਿੰਦਰ ਸਿੰਘ ਬਾਜਵਾ, ਲਖਵਿੰਦਰ ਸਿੰਘ ਫੱਗੂਵਾਲਾ, ਗੁਰਵਿੰਦਰ ਸਿੰਘ ਚੱਠਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।