ਕੇਂਦਰ, ਝੋਨੇ ਦੀ ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਪੰਜਾਬ ਦੇ ਕਿਸਾਨਾਂ ਲਈ ਖੁੱਲ੍ਹਾ ਦਿਲ ਦਿਖਾਵੇ-ਖੁੱਡੀਆਂ

Published on: June 5, 2025 5:59 pm

ਪੰਜਾਬ

-ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਸਨਮੁੱਖ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ

ਖੇੜੀ ਗੰਢਿਆਂ, ਰੌਣੀ (ਪਟਿਆਲਾ), 5 ਜੂਨ: ਦੇਸ਼ ਕਲਿੱਕ ਬਿਓਰੋ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਨਾਲ ਲੈਕੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ।
ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਨੂੰ ਦੇਸ਼ ਦੀਆਂ ਜੜ੍ਹਾਂ ਦੱਸਦਿਆਂ ਕੇਂਦਰੀ ਮੰਤਰੀ ਦੇ ਸਨਮੁੱਖ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ, ਜਿਸ ‘ਤੇ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਨੂੰ ਦਿੱਲੀ ਮੀਟਿੰਗ ਲਈ ਆਉਣ ਦਾ ਸੱਦਾ ਦਿੱਤਾ ਕਿਹਾ ਕਿ ਕਿਸਾਨਾਂ ਨੂੰ ਉਨਤ ਬਣਾਉਣ ਲਈ ਕੇਂਦਰ ਸਰਕਾਰ ਇੱਕ ਦੇਸ਼, ਇੱਕ ਖੇਤੀ, ਇੱਕ ਟੀਮ ਬਣਾਕੇ ਰਾਜ ਸਰਕਾਰ ਅਤੇ ਉਨਤਸ਼ੀਲ ਕਿਸਾਨਾਂ ਸਮੇਤ ਖੇਤੀਬਾੜੀ ਯੂਨੀਵਰਸਿਟੀ ਤੇ ਸਾਇੰਸਦਾਨਾਂ ਮਿਲਕੇ ਕੰਮ ਕਰੇਗੀ।
ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਨੂੰ ਰਾਜ ਦੀਆਂ ਮੰਗਾਂ ਦਾ ਪੱਤਰ ਸੌਂਪਦਿਆਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ, ਉਥੇ ਹੀ ਕੇਂਦਰ ਸਰਕਾਰ ਦੇ ਵੀ ਉਪਰਾਲੇ ਲਾਜਮੀ ਹਨ, ਇਸ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਅੱਗੇ ਆਵੇ।
ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਕੇਂਦਰ ਨੂੰ ਕਿਸਾਨਾਂ ਦੀ ਮਦਦ ਲਈ ਖੁੱਲ੍ਹਾ ਦਿਲ ਦਿਖਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਲ ਹੀ ਝੋਨੇ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਕਿਲਤ ਦੂਰ ਕਰਨ ਲਈ ਸਪਲਾਈ ਵਧਾਉਣ ਸਮੇਤ ਪਾਣੀ ਬਚਾਉਣ ਲਈ ਝੋਨੇ ਦੀ ਥਾਂ ਮੱਕੀ, ਦਾਲਾਂ ਤੇ ਤੇਲ ਬੀਜਾਂ ਹੇਠ ਰਕਬਾ ਵਧਾਉਣ ਲਈ ਕੇਂਦਰੀ ਸਹਾਇਤਾ ਵੀ ਮੰਗੀ ਅਤੇ ਨਰਮੇ ਦੀ ਫ਼ਸਲ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਝੋਨੇ ਦੀ ਫ਼ਸਲ ਦੀ ਖਰੀਦ ‘ਚ ਐਫ.ਸੀ.ਆਈ. ਵੱਲੋਂ ਅੜਿੱਕੇ ਡਾਹੁਣ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ।
ਇਸ ਦੌਰਾਨ ਰਾਜਪੁਰਾ ਬਲਾਕ ਦੇ ਪਿੰਡ ਖੇੜੀ ਗੰਢਿਆਂ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤਾਂ ਵਿੱਚ ਖੁੰਡ ਚਰਚਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨਾਂ ਨਾਲ ਖੁੱਲ੍ਹਾ ਵਿਚਾਰ ਵਟਾਂਦਰਾ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਤਰੱਕੀ ਤੋਂ ਬਗੈਰ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦਾ ਸੱਦਾ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਇਸ ਨਿਰਾਲੀ ਤਕਨੀਕ ਨੂੰ ਕੁਦਰਤੀ ਸਰੋਤਾਂ ਲਈ ਸੰਜੀਵਨੀ ਕਰਾਰ ਦਿੱਤਾ।
ਕਿਸਾਨਾਂ ਨਾਲ ਗੱਲਬਾਤ ਦੌਰਾਨ ਸ਼ਿਵਰਾਜ ਸਿੰਘ ਚੌਹਾਨ ਨੇ ਸੂਬੇ ਦੇ ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ‘ਚ ਪਾਏ ਯੋਗਦਾਨ ਦੀ ਭਰਵੀਂ ਪ੍ਰਸ਼ੰਸਾ ਕਰਦਿਆਂ ਪੰਜਾਬ ਦੀ ਭੂਮੀ, ਜਜ਼ਬੇ, ਕਿਸਾਨਾਂ ਦੀ ਮਿਹਨਤ ਤੇ ਜ਼ਨੂਨ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਦੌਲਤ ਹੀ ਅੱਜ ਦੇਸ਼ ‘ਚ ਕਣਕ, ਚਾਵਲ ਸਮੇਤ ਮੱਕੀ, ਸੋਇਆਬੀਨ ਦੇ ਉਤਪਾਦਨ ਨੇ ਰਿਕਾਰਡ ਤੋੜੇ ਹਨ ਪਰੰਤੂ ਹੁਣ ਦਾਲਾਂ ਤੇ ਤੇਲ ਬੀਜਾਂ ਦੀ ਕਮੀ ਵੀ ਪੰਜਾਬ ਦੇ ਕਿਸਾਨਾਂ ਦੀ ਮਦਦ ਨਾਲ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਨਾਲ ਮਿਲਕੇ ਸੂਬੇ ਦੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਘਟਾਉਣ ਤੇ ਉਤਪਾਦਨ ਅਤੇ ਮੁਨਾਫ਼ਾ ਵਧਾਉਣ ਲਈ ਕਦਮ ਉਠਾਏ ਜਾਣਗੇ।
ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਹ ਦੇਸ਼ ਦੇ ਖੇਤੀਬਾੜੀ ਮੰਤਰੀ ਵਜੋਂ ਦੇਸ਼ ਦੇ ਕਿਸਾਨਾਂ ਨਾਲ ਉਨ੍ਹਾਂ ਦੇ ਖੇਤਾਂ ਵਿੱਚ ਜਾਕੇ ਗੱਲਬਾਤ ਕਰਕੇ ਕਿਸਾਨਾਂ ਦੀ ਤਰੱਕੀ ਲਈ ਦੇਸ਼ ਦੇ 16 ਹਜ਼ਾਰ ਖੇਤੀ ਸਾਇੰਸਦਾਨਾਂ ਦੀ ਖੋਜ ਨੂੰ ਜਮੀਨ ਨਾਲ ਜੋੜ ਰਹੇ ਹਨ, ਤਾਂ ਕਿ ਕਿਸਾਨਾਂ ਦੀ ਲੋੜ ਮੁਤਾਬਕ ਨੀਤੀਆਂ ਬਣਾਈਆਂ ਜਾਣ ਤੇ ਖੋਜਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਪੰਜਾਬ ਆਕੇ ਕਿਸਾਨਾਂ ਦੇ ਤਜ਼ਰਬਿਆਂ ਤੋਂ ਬਹੁਤ ਕੁਝ ਸਿੱਖਿਆ ਹੈ।
ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਪਣਾਉਣ ਅਤੇ ਐਕਸਪੋਰਟ ਕੁਆਲਿਟੀ ਦੇ ਅਨਾਜ ਦੀ ਪੈਦਾਵਾਰ ‘ਤੇ ਜ਼ੋਰ ਦਿੰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪਾਣੀ ਤੇ ਵਾਤਾਵਰਣ ਬਚਾਉਣ ਲਈ ਉਤਪਾਤਨ ਵਧਾਉਣਾ ਹੈ ਪਰ ਖੇਤੀ ਲਾਗਤਾਂ ਘਟਾਉਣੀਆਂ ਹਨ ਅਤੇ ਨਾਲ ਦੀ ਨਾਲ ਦਵਾਈ ਕੰਪਨੀਆਂ ਹੱਥੋਂ ਕਿਸਾਨਾਂ ਦੀ ਲੁੱਟ ਵੀ ਨਹੀਂ ਹੋਣ ਦੇਣੀ, ਜਿਸ ਲਈ ਰਾਜ ਸਰਕਾਰ ਨਾਲ ਮਿਲਕੇ ਕੰਮ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।