ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਵਿੱਚ ਹੁਣ ਕੋਈ ਧਰਨਾ ਜਾਂ ਪ੍ਰਦਰਸ਼ਨ ਨਹੀਂ ਕਰ ਸਕੇਗਾ। ਧਰਨੇ ਪ੍ਰਦਰਸ਼ਨ, ਭਾਸ਼ਣ ਦੇਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਲਗਾਈ ਗਈ ਹੈ।
ਮਾਨਸਾ, 08 ਜੂਨ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਵਿੱਚ ਹੁਣ ਕੋਈ ਧਰਨਾ ਜਾਂ ਪ੍ਰਦਰਸ਼ਨ ਨਹੀਂ ਕਰ ਸਕੇਗਾ। ਧਰਨੇ ਪ੍ਰਦਰਸ਼ਨ, ਭਾਸ਼ਣ ਦੇਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ *ਤੇ ਬੈਠਣ *ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜਿ਼ਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ। ਇਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮਾਂ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।
ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।