ਚੰਡੀਗੜ੍ਹ, 12 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ Red Alert ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ। ਮੌਸਮ ਵਿਭਾਗ ਵੱਲੋਂ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਤਾਪਮਾਨ ਸੂਬੇ ਦੇ ਆਮ ਤਾਪਮਾਨ ਨਾਲੋਂ 5.4 ਡਿਗਰੀ ਵੱਧ ਹੈ। ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ 45.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 14 ਜੂਨ ਤੱਕ ਲੋਕਾਂ ਨੂੰ ਇਸ ਤਰ੍ਹਾਂ ਦੇ ਹੀ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਚੰਡੀਗੜ੍ਹ ਵਿੱਚ 41.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਤਿੰਨ ਦਿਨਾਂ ਤੱਕ ਗਰਮੀ ਬਹੁਤ ਜ਼ਿਆਦਾ ਰਹੇਗੀ। 18, 19 ਅਤੇ 20 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਕਿ ਇੱਥੇ ਕਈ ਥਾਵਾਂ ‘ਤੇ ਤੇਜ਼ ਲੂ ਚੱਲਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ‘ਤੇ ਗਰਮ ਰਾਤਾਂ ਹੋਣ ਦੀ ਵੀ ਸੰਭਾਵਨਾ ਹੈ।
ਇਸ ਦੌਰਾਨ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਗਰਮੀ ਦੀ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ ‘ਚ ਭਿਆਨਕ ਗਰਮੀ ਦਾ ਦੌਰ, ਮੌਸਮ ਵਿਭਾਗ ਵਲੋਂ Red Alert ਜਾਰੀ, ਰਾਤਾਂ ਵੀ ਰਹਿਣਗੀਆਂ ਗਰਮ
Published on: June 12, 2025 8:34 am