ਮੋਰਿੰਡਾ, 13 ਜੂਨ ਭਟੋਆ
ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵਲੋਂ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਸਬੰਧੀ ਤਹਿਸੀਲ ਮੋਰਿੰਡਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸ੍ਰੀ ਵਾਲੀਆ ਨੇ ਦੱਸਿਆ ਕਿ ਈਜ਼ੀ ਰਜਿਸਟਰੀ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਦਫਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਰਜਿਸਟਰੀ ਨਾਲ ਸਬੰਧਿਤ ਹਰ ਜਾਣਕਾਰੀ ਮੋਬਾਇਲ ’ਤੇ ਮਿਲਿਆ ਕਰੇਗੀ। ਇਹ ਪ੍ਰਣਾਲੀ ਤੇਜ਼ੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗੀ। ਉਹਨਾਂ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ। ਇਸ ਪ੍ਰਣਾਲੀ ਤਹਿਤ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪਵੇਗੀ। ਜੇਕਰ ਰਜਿਸਟਰੀ ਦੇ ਦਸਤਾਵੇਜਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਤੇ ਕੋਈ ਦਿੱਕਤ ਪੇਸ਼ ਨਾ ਆਵੇ। ਜੇਕਰ ਸਬ-ਰਜਿਸਟਰਾਰ-ਤਹਿਸੀਲਦਾਰ ਦਸਤਾਵੇਜਾਂ ਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਿਤ ਵਿਅਕਤੀ ਨੂੰ ਉਸੇ ਵੇਲੇ ਮੋਬਾਇਲ ਸੰਦੇਸ਼ ਦੁਆਰਾ ਪਤਾ ਲੱਗ ਜਾਵੇਗਾ। ਸਬੰਧਤ ਐੱਸ.ਡੀ.ਐੱਮ. ਇਹਨਾਂ ਸਾਰੇ ਇਤਰਾਜ਼ਾਂ ਦੀ ਸੱਚਾਈ ਜਾਣਨ ਲਈ ਪੜਤਾਲ ਕਰਨਗੇ।