ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਪੰਜਾਬ ਰਾਸ਼ਟਰੀ

ਅੰਮ੍ਰਿਤਸਰ, 16 ਜੂਨ- ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸ ਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਅਤੇ ਇਜ਼ਤਮਾਣ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਪਰ ਜਦੋਂ ਸਿਖਰਲੇ ਅਹੁਦਿਆਂ ’ਤੇ ਬੈਠੇ ਲੋਕ ਹੀ ਅਜਿਹੀਆਂ ਨਿੰਦਣਯੋਗ ਹਰਕਤਾਂ ਕਰਨਗੇ, ਤਾਂ ਆਮ ਲੋਕਾਂ ਦਾ ਸਰਕਾਰ ਅਤੇ ਸਮਾਜਿਕ ਨਿਆਂ ’ਤੇ ਭਰੋਸਾ ਕਿਵੇਂ ਕਾਇਮ ਰਹੇਗਾ?  ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਸਮੁੱਚੇ ਸਮਾਜ ਵਿੱਚ ਵਿਸ਼ਵਾਸ ਅਤੇ ਸਦਭਾਵਨਾ ਨੂੰ ਵੀ ਕਮਜ਼ੋਰ ਕਰਦੀਆਂ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਅਣਮੁੱਲੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਸਿੱਖ ਕੌਮ ਨੇ ਹਰ ਔਖੀ ਘੜੀ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭੂਚਾਲ, ਹੜ੍ਹ ਜਾਂ ਹੋਰ ਕੁਦਰਤੀ ਆਫ਼ਤਾਂ ਸਮੇਂ ਸਿੱਖਾਂ ਨੇ ਲੰਗਰਾਂ ਸਮੇਤ ਹੋਰ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਉਂਦਿਆਂ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਸਾਕਾਰ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਸਿੱਖ ਭਾਈਚਾਰੇ ਨੇ ਆਪਣੀਆਂ ਸੇਵਾਵਾਂ ਨਾਲ ਮਨੁੱਖਤਾ ਦੀ ਭਲਾਈ ਲਈ ਮਿਸਾਲੀ ਯੋਗਦਾਨ ਪਾਇਆ। ਪਰੰਤੂ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਇਕ ਜ਼ਿੰਮੇਵਾਰ ਤੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਵੱਲੋਂ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਆਹਤ ਕੀਤੀਆਂ ਗਈਆਂ ਹਨ। ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।