ਟੀ.ਐੱਸ.ਯੂ.ਅਤੇ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਵੱਲੋਂ ਉਲੀਕੇ ਸੰਘਰਸ਼ਾਂ ਦੀ ਤਿਆਰੀ ਵਜੋਂ ਕੀਤੀ ਮੀਟਿੰਗ

Published on: June 20, 2025 8:41 pm

Punjab

ਬਠਿੰਡਾ: 20 ਜੂਨ 2025, ਦੇਸ਼ ਕਲਿੱਕ ਬਿਓਰੋ

ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਜਿ:ਨੰ:49 ਅਤੇ ਪਾਵਰਕਾਮ-ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਬੈਨਰ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਦੇ ਵਿਰੋਧ ਵਜੋਂ 03 ਜੁਲਾਈ ਨੂੰ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਸਰਕਲ ਬਠਿੰਡਾ ਦੇ ਆਗੂਆਂ ਦੀ ਰੋਜ਼ ਗਾਰਡਨ ਵਿੱਚ ਕੀਤੀ ਤਿਆਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਚੰਦਰ ਸ਼ਰਮਾ,ਸਤਵਿੰਦਰ ਸਿੰਘ,ਜਗਰੂਪ ਸਿੰਘ,ਜਗਸੀਰ ਭੰਗੂ,ਗੁਰਵਿੰਦਰ ਪੰਨੂੰ,ਇਕਬਾਲ ਪੂਹਲਾ,ਮਲਕੀਤ ਸਿੰਘ,ਹਰਪ੍ਰੀਤ ਸਿੰਘ,ਕੁਲਦੀਪ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਨ ਦੀਆਂ ਤਿਆਰੀਆਂ ਤੇਜ਼ ਕਰਨ ਦੇ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਨਿੱਜੀਕਰਨ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਵਿਸ਼ਾਲ,ਸਾਂਝੇ,ਲੰਬੇ ਅਤੇ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦੀ ਲੋੜ ਹੈ ਕਿਉਂਕਿ ਪੰਜਾਬ ਸਰਕਾਰ ਪਿਛਲੇ ਦਿਨਾਂ ਤੋਂ ਜਿਸ ਕਿਸਮ ਦੇ ਫੈਸਲੇ ਲੈ ਰਹੀ ਹੈ ਉਨ੍ਹਾਂ ਤੋਂ ਸਪੱਸ਼ਟ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਜਲਦੀ ਹੀ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ,ਲਾਲੜੂ ਅਤੇ ਖਰੜ ਡਵੀਜ਼ਨਾਂ ਦੇ ਨਿੱਜੀਕਰਨ ਦੀ ਵਿਉਂਤ ਪੰਜਾਬ ਵਿਕਾਸ ਕਾਰਪੋਰੇਸ਼ਨ ਕੋਲ ਪੇਸ਼ ਕਰਨ ਦਾ ਸਰਕਾਰੀ ਧੰਦਾ ਨਿੱਜੀਕਰਨ ਦੇ ਅਮਲ ਨੂੰ ਤੇਜ ਕਰਨ ਦੀ ਇੱਕ ਉਦਾਹਰਣ ਸਾਡੇ ਸਾਹਮਣੇ ਹੈ,ਆਗੂਆਂ ਕਿਹਾ ਕਿ ਨਿੱਜੀਕਰਨ ਦੀ ਲੋੜ ਵਜੋਂ ਲਏ ਜਾ ਰਹੇ ਇਹ ਫੈਸਲੇ ਬੜੇ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਲਏ ਜਾ ਰਹੇ ਹਨ,ਇੱਕ ਪਾਸੇ ਇਸ ਤਬਾਹਕੁੰਨ ਹਮਲੇ ਨੂੰ ਲਾਗੂ ਕਰਦਿਆਂ ਖਪਤਕਾਰਾਂ ਪ੍ਰਤੀ ਝੂਠਾ ਹੇਜ ਜਤਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਬਿਜਲੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਧਰਨਿਆਂ-ਮੁਜ਼ਾਹਰਿਆਂ ਅਤੇ ਹੜਤਾਲਾਂ ਕਾਰਨ ਦੋਖੀਆਂ ਵਜੋਂ ਪੇਸ਼ ਕਰਕੇ ਉਨ੍ਹਾਂ ਦੀ ਨਿੱਜੀਕਰਨ ਵਿਰੁੱਧ ਸਾਂਝ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ,ਇਸ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਨਾਲ ਪਿਛਲੇ ਦਿਨੀਂ ਖਪਤਕਾਰਾਂ ਨੂੰ ਮੁਲਾਜ਼ਮਾਂ ਦੇ ਧਰਨਿਆਂ-ਮੁਜ਼ਾਹਰਿਆਂ ਅਤੇ ਹੜਤਾਲਾਂ ਵਾਲੇ ਦਿਨਾਂ ਦੌਰਾਨ ਨਿਰਵਿਘਨ ਸਪਲਾਈ ਦੇਣ ਦੇ ਨਾਂਅ ਹੇਠ ਹਰ ਇੱਕ ਡਵੀਜ਼ਨ ਪੱਧਰ ਤੇ ਆਊਟਸੋਰਸ਼ਡ ਕੰਪਨੀਆਂ ਰਾਹੀਂ ਇੱਕ ਸਪੈਸ਼ਲ ਗੈਂਗ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਗਏ,ਕੰਮ ਦੌਰਾਨ ਮੈਨ ਪਾਵਰ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਨਵੀਂ ਅਤੇ ਪੱਕੀ ਭਰਤੀ ਕਰਨ ਦੀ ਥਾਂ ਠੇਕੇ ਤੇ ਬਾਹਰੀ ਸਰੋਤਾਂ ਤੋਂ ਲੇਬਰ ਦਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ,ਜਿਨ੍ਹਾਂ ਦਾ ਮਕਸਦ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਨਾ ਨਹੀਂ ਸਗੋਂ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਨ ਵਿਰੁੱਧ ਵਿੱਢੇ ਸੰਘਰਸ਼ ਨੂੰ ਅਸਫਲ ਬਣਾਉਣ ਦੀ ਸਾਜ਼ਿਸ਼ ਹੈ,ਖਪਤਕਾਰਾਂ ਅਤੇ ਬਿਜਲੀ ਮੁਲਾਜ਼ਮਾਂ ਨੂੰ ਇੱਕ ਦੂਸਰੇ ਵਿਰੁੱਧ ਉਕਸਾਕੇ ਖੜ੍ਹੇ ਕਰਨ ਦੀ ਫੁੱਟ-ਪਾਊ ਸਾਜ਼ਿਸ਼ ਹੈ,ਜਿਸ ਨੂੰ ਅਸਫਲ ਬਣਾਕੇ ਨਿੱਜੀਕਰਨ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਦੀ ਲੋੜ ਹੈ,ਇਸ ਹਾਲਤ ਵਿੱਚ ਸਭ ਤੋਂ ਪਹਿਲੀ ਲੋੜ ਵੱਖ-ਵੱਖ ਜਥੇਬੰਦੀਆਂ ਵਿੱਚ ਵੰਡੇ ਹੋਏ ਰੈਗੂਲਰ/ਠੇਕਾ/ਪੈਨਸ਼ਨਰ ਬਿਜਲੀ ਮੁਲਾਜ਼ਮਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਇੱਕ ਸਾਂਝੇ ਸੰਘਰਸ਼ ਦੇ ਪਲੇਟਫਾਰਮ ਤੇ ਇਕੱਠੇ ਕਰਨ ਦੀ ਅਹਿਮ ਲੋੜ ਹੈ ਅਤੇ ਦੂਸਰੇ ਪਾਸੇ ਨਿੱਜੀਕਰਨ ਦੀ ਮਾਰ ਹੇਠ ਆਉਣ ਵਾਲੇ ਖਪਤਕਾਰਾਂ ਨੂੰ ਸਰਕਾਰ ਦੇ ਝੂਠੇ ਹੇਜ ਦੇ ਧੋਖੇ ਪਿੱਛੇ ਛੁਪੇ ਸੱਚ ਨੂੰ ਉਜਾਗਰ ਕਰਕੇ ਨਿੱਜੀਕਰਨ ਵਿਰੁੱਧ ਸੰਘਰਸ਼ ਨੂੰ ਵਿਸ਼ਾਲ,ਸਾਂਝਾ ਅਤੇ ਤਿੱਖਾ ਕਰਨ ਦੀ ਲੋੜ ਹੈ। ਇਸ ਹਾਲਤ ਵਿੱਚ ਸਮੁੱਚੇ ਬਿਜਲੀ ਮੁਲਾਜ਼ਮਾਂ,ਕਿਸਾਨ-ਮਜ਼ਦੂਰ ਜਥੇਬੰਦੀਆਂ ਨੂੰ ਅਪੀਲ ਹੈ ਕਿ ਇਸ ਸਮੇਂ ਜਦੋਂ ਨਿੱਜੀਕਰਨ ਦੇ ਇਸ ਤਬਾਹਕੁੰਨ ਹੱਲੇ ਕਾਰਨ ਸਾਡੀ ਹੋਂਦ ਨੂੰ ਹੀ ਖ਼ਤਰਾ ਹੈ ਤਾਂ ਆਪਣੀ ਹੋਂਦ ਅਤੇ ਆਪਣੇ ਹਿੱਤਾਂ ਨੂੰ ਬਚਾਉਣ ਲਈ ਸਾਂਝੇ ਸੰਘਰਸ਼ ਦੀ ਉਸਾਰੀ ਇਸ ਸਮੇਂ ਦੀ ਪ੍ਰਮੁੱਖ ਲੋੜ ਹੈ। ਇਉਂ ਇਸ ਵਿਸ਼ਾਲ-ਸਾਂਝ ਦੀ ਉਸਾਰੀ ਕਰਕੇ ਲੰਬੇ ਅਤੇ ਤਿੱਖੇ ਸੰਘਰਸ਼ ਦਾ ਰਾਹ ਅਪਣਾਉਣ ਦੀ ਲੋੜ ਹੈ। ਇਹੀ ਇੱਕੋ-ਇੱਕ ਠੀਕ ਰਾਹ ਹੈ ਜਿਸ ਤੇ ਚੱਲਕੇ ਅਸੀਂ ਪਾਵਰ ਕਾਰਪੋਰੇਸ਼ਨ ਨੂੰ ਬਚਾਕੇ ਆਪਣੇ ਰੁਜ਼ਗਾਰ ਨੂੰ ਬਚਾਉਣ ਵਿੱਚ ਸਫਲ ਹੋ ਸਕਾਂਗੇ। ਮੀਟਿੰਗ ਵਿੱਚ 26 ਜੂਨ ਨੂੰ ਬਠਿੰਡਾ ਵਿਖੇ ਥਰਮਲ ਕਲੋਨੀ ਦੇ ਗੇਟ ਨੰ: 03 ਤੇ ਸਰਕਲ ਪੱਧਰੀ ਸਾਂਝਾ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਅਤੇ 03 ਜੁਲਾਈ ਦੇ ਸੂਬਾ ਪੱਧਰੀ ਪਟਿਆਲਾ ਧਰਨੇ ਅਤੇ 09 ਜੁਲਾਈ ਨੂੰ ਕੇਂਦਰੀ ਟਰੇਡ ਜਥੇਬੰਦੀਆਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਨੂੰ ਸਫ਼ਲ ਕਰਨ ਲਈ ਤਿਆਰੀਆਂ ਵਿੱਚ ਜੁਟਣ ਦਾ ਸੱਦਾ ਦਿੱਤਾ,ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ/ਅੱਜ ਦੀ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ,ਠੇਕਾ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ਉਪਰੰਤ ਘੱਟੋ-ਘੱਟ 10 ਲੱਖ ਰੁਪਏ ਗੁਜ਼ਾਰਾ ਭੱਤਾ ਦਿੱਤਾ ਜਾਵੇ,ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਰੈਗੂਲਰ/ਸੇਵਾ ਮੁਕਤ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਪ੍ਰਵਾਨ ਕੀਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।