ਕਿਹਾ ਯੋਗ ਵਿੱਚ ਰੋਗ ਦੂਰ ਕਰਨ ਦੀ ਸ਼ਕਤੀ
ਸਪੀਕਰ ਸੰਧਵਾਂ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਕੋਟਕਪੂਰਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਚ ਸ਼ਮੂਲੀਅਤ ਕੀਤੀ
ਕੋਟਕਪੂਰਾ,21 ਜੂਨ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਅੱਜ 11ਵੇ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿਚ ਲਾਲਾ ਲਾਜਪਤ ਰਾਏ ਪਾਰਕ, ਕੋਟਕਪੂਰਾ ਵਿਖੇ ਰੱਖੇ ਗਏ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸੀ.ਐਮ.ਦੀ ਯੋਗਸਾਲਾ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਸੀ.ਐਮ.ਦੀ ਯੋਗਸ਼ਾਲਾ ਪ੍ਰੋਗਰਾਮ ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਯੋਗਾ ਟ੍ਰੇਨਰਾਂ ਵੱਲੋਂ ਕਰਵਾਏ ਜਾ ਰਹੇ ਯੋਗ ਅਭਿਆਸ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਨਿਰੋਗ ਜੀਵਨ ਚੰਗੀ ਸਿਹਤ ਦੀ ਪੂੰਜੀ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੀਆਂ ਸਮੂਹ ਸੰਸਥਾਵਾਂ ਅਤੇ ਲੋਕਾਂ ਵੱਲੋਂ ਪੂਰਾ ਯੋਗਦਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਯੋਗਾ ਅੱਜ ਦੀ ਟੈਨਸ਼ਨ ਭਰੀ ਜਿੰਦਗੀ ਵਿਚ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਬਹੁਤ ਜਰੂਰੀ ਹੈ ਅਤੇ ਸਾਨੂੰ ਆਪਣੀ ਸਿਹਤ ਲਈ ਕੁਝ ਸਮਾਂ ਜਰੂਰ ਕੱਢਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਜਿਥੇ ਸਰੀਰਕ ਸ਼ਕਤੀ ਮਿਲਦੀ ਹੈ ਉਸਦੇ ਨਾਲ-ਨਾਲ ਅੰਦਰੂਨੀ ਤਾਕਤ ਵੀ ਪੈਦਾ ਹੁੰਦੀ ਹੈ ਅਤੇ ਅੱਜ ਦੇ ਪਦਾਰਥਵਾਦ ਯੁੱਗ ਵਿਚ ਯੋਗਾ ਸੰਜੀਵਨੀ ਬੂਟੀ ਦੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਆਸਨਾਂ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ, ਉੱਥੇ ਬੁੱਧੀ ਵਧਾਉਣ ਅਤੇ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਵਿਚ ਯੋਗਾ ਆਸਨ ਸੋਨੇ ਤੇ ਸੁਹਾਗੇ ਵਰਗੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਯੋਗ ਦੇ ਨਾਲ-ਨਾਲ ਅਸੀਂ ਖੇਡਾਂ ਖੇਡ ਕੇ ਵੀ ਤੰਦਰੁਸਤ ਰਹਿ ਸਕਦੇ ਹਾਂ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਾਤਾਵਰਣ ਦੀ ਸ਼ੁੱਧਤਾ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਸਾਨੂੰ ਵੱਧ ਤੋਂ ਵੱਧ ਵਾਤਾਵਰਣ ਨੂੰ ਸਾਫ ਰੱਖਣ ਅਤੇ ਸਾਫ ਹਵਾ ਲਈ ਬੂਟੇ ਲਗਾਉਣੇ ਚਾਹੀਦੇ ਹਨ, ਤਾਂ ਜੋ ਸਾਫ ਅਤੇ ਸ਼ੁੱਧ ਹਵਾ ਮਿਲ ਸਕੇ ਅਤੇ ਨਾਮੁਰਾਦ ਬਿਮਾਰੀਆਂ ਦੇ ਸ਼ਿਕਾਰ ਹੋਣ ਤੋਂ ਬਚਿਆ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਵੀ ਕੰਮ ਵੱਡੀ ਪੱਧਰ ਤੇ ਕੀਤੇ ਜਾ ਰਹੇ ਹਨ। ਇਸੇ ਤਹਿਤ ਕੋਟਕਪੂਰਾ ਸ਼ਹਿਰ ਦੇ ਵਿਕਾਸ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਸਾਫ ਪਾਣੀ ਦੀ ਦਿੱਕਤ ਜੋ ਲੋਕਾਂ ਨੂੰ ਪੇਸ਼ ਆ ਰਹੀ ਹੈ, ਉਸ ਦੇ ਲਈ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ ਅਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਜੋ ਲੋਕਾਂ ਨੂੰ ਮੁਸ਼ਕਿਲ ਆ ਰਹੀ ਸੀ, ਉਸ ਨੂੰ ਵੀ ਬਹੁਤ ਜਲਦ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਫੰਡ ਉਪਲਭਧ ਹਨ, ਬਹੁਤ ਜਲਦ ਇਹ ਵਿਕਾਸ ਦੇ ਕੰਮ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਐਸ.ਡੀ. ਐਮ ਕੋਟਕਪੂਰਾ ਸ਼੍ਰੀ ਵਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ.ਐਮ ਦੀ ਯੋਗਸ਼ਾਲਾ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ‘ਤੇ ਸੰਪਰਕ ਕਰਕੇ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸੈਂਕੜੇ ਯੋਗ ਪ੍ਰੇਮੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਪਲਾਨਿਗ ਬੋਰਡ, ਜਤਿੰਦਰ ਪਾਲ ਡੀਐਸਪੀ ਕੋਟਕਪੂਰਾ, ਮੱਖਣ ਸਿੰਘ ਨੈਬ ਤਹਿਸੀਲਦਾਰ, ਅਮਰਿੰਦਰ ਸਿੰਘ ਕਾਰਜਸਾਧਕ ਅਫਸਰ, ਵਿਕਾਸ ਸ਼ਰਮਾ ਬੀਡੀਪੀਓ ਕੋਟਕਪੂਰਾ, ਮਨਤਾਰ ਸਿੰਘ ਮੱਕੜ ਪ੍ਰਧਾਨ ਅਲਾਇੰਸ ਕਲੱਬ ਕੋਟਕਪੂਰਾ ,ਸਟੇਜ ਸਕੱਤਰ, ਮੋਹਨ ਲਾਲ ਕਟਾਰੀਆ ਐਸਡੀਐਮ ਦਫਤਰ ਕੋਟਕਪੂਰਾ, ਰਾਜਵਿੰਦਰ ਸਿੰਘ ਰੀਡਰ,ਜਸਦੀਪ ਸਿੰਘ ਜੇਈ, ਡਾ ਮਨਜੀਤ ਸਿੰਘ ਢਿੱਲੋਂ ਪ੍ਰਧਾਨ, ਗੁਰਿੰਦਰ ਸਿੰਘ ਮਹਿੰਦੀਰੱਤਾ, ਸਰਪ੍ਰਸਤ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਮੂਹ ਅਹੁਦੇਦਾਰ, ਯੋਗਾ ਟ੍ਰੇਨਰ ਸੁਨੀਲ ਕੁਮਾਰ, ਕਿਰਨ ਬਾਲਾ,ਅੰਜੂ ਬਾਲਾ ਅਤੇ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

ਸਿਹਤਮੰਦ ਅਤੇ ਨਿਰੋਗ ਜੀਵਨ ਚੰਗੀ ਸਿਹਤ ਦੀ ਪੂੰਜੀ: ਸੰਧਵਾਂ
Published on: June 21, 2025 1:34 pm