ਕੈਬਨਿਟ ਮੰਤਰੀ ਨੇ ਨੀਟ ਪ੍ਰੀਖਿਆ ‘ਚ ਸਫਲਤਾ ਤੋਂ ਬਾਅਦ ਜਤਿਨ ਨੂੰ ਐਮ.ਬੀ.ਬੀ.ਐਸ. ਦੀ ਪੜ੍ਹਾਈ ਲਈ ਮੁਫ਼ਤ ਕਿਤਾਬਾਂ ਅਤੇ ਸੁਨਹਿਰੀ ਭਵਿੱਖ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਮਲੋਟ, 24 ਜੂਨ: ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਲ ਕਰਨ ਵਾਲੇ ਵਾਰਡ ਨੰਬਰ 19, ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਦੇ ਘਰ ਪਹੁੰਚ ਕੇ ਉਸਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜਤਿਨ ਨੂੰ ਨਕਦ ਸਹਾਇਤਾ ਰਾਸ਼ੀ ਭੇਂਟ ਕਰਨ ਦੇ ਨਾਲ-ਨਾਲ ਉਸਨੂੰ ਡਾਕਟਰੀ ਦੀ ਪੜ੍ਹਾਈ ਲਈ ਲੋੜੀਂਦੀਆਂ ਕਿਤਾਬਾਂ ਮੁਫ਼ਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਜਤਿਨ ਨੂੰ ਹਾਰਦਿਕ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਨੀਟ ਪ੍ਰੀਖਿਆ ‘ਚ ਇਸ ਸ਼ਾਨਦਾਰ ਸਫਲਤਾ ਤੋਂ ਬਾਅਦ ਜਤਿਨ ਨੂੰ ਸੁਨਹਿਰੀ ਭਵਿੱਖ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਹੋਰ ਉੱਚੇ ਮੁਕਾਮ ਹਾਸਲ ਕਰ ਸਕਣ। ਉਹਨਾਂ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹੇ ਈਕੋਸਿਸਟਮ ਲਈ ਅਣਥੱਕ ਮਿਹਨਤ ਕਰਦੀ ਰਹੇਗੀ, ਜੋ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਛਾਣ ਕਰੇ ਅਤੇ ਉਹਨਾਂ ਦਾ ਸਮਰਥਣ ਕੀਤਾ ਜਾਵੇ ਅਤੇ ਉਹਨਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਅਤੇ ਸਰੋਤਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇ ਜੋ ਉਨ੍ਹਾਂ ਨੂੰ ਹੋਰ ਅੱਗੇ ਵਧਣ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ ਜਾ ਸਕੇ।