ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵੱਡੀ ਗਿਣਤੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਇਕੱਠੇ ਹੋ ਕੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਡਿਟੇਨ ਕਰ ਲਿਆ ਗਿਆ। ਇਸ ਮੌਕੇ ਅਕਾਲੀ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਸਰਕਾਰ ਸ਼ਰ੍ਹੇਆਮ ਧੱਕਾ ਕਰ ਰਹੀ ਹੈ। ਇਸ ਤੋਂ ਪਹਿਲਾਂ, ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇੱਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਬੀਤੇ ਕੱਲ੍ਹ ਮਜੀਠੀਆ ਨੂੰ ਮਿਲੇ ਉਨ੍ਹਾਂ ਦੇ ਵਕੀਲ ਅਤੇ ਪਾਰਟੀ ਦੇ ਸੀਨੀਅਰ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਵਿਜੀਲੈਂਸ ਦੀ ਹਿਰਾਸਤ ਵਿੱਚ ਮਜੀਠੀਆ ਬਿਲਕੁਲ ਠੀਕ ਹਨ।ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਇਹ ਕਾਰਵਾਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਗਈ ਹੈ। ਹਾਲਾਂਕਿ, ਮਜੀਠੀਆ ਵਿਰੁੱਧ ਦਰਜ ਕੀਤਾ ਗਿਆ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਹੈ।
