ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜੇਲ੍ਹਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ, ਸੂਬਾ ਸਰਕਾਰ ਨੇ 25 ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ, ਵੱਖ-ਵੱਖ ਜੇਲ੍ਹਾਂ ਨਾਲ ਜੁੜੇ ਕੁੱਲ 25 ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ, ਲਾਪਰਵਾਹੀ ਅਤੇ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਉਤਸ਼ਾਹਿਤ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਕੋਈ ਵੀ ਹੋਵੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜੇਲ੍ਹ ਵਿਭਾਗ ਅੰਦਰ ਲੰਬੇ ਸਮੇਂ ਤੋਂ ਚੱਲ ਰਹੀਆਂ ਬੇਨਿਯਮੀਆਂ ਦੇ ਮੱਦੇਨਜ਼ਰ, ਇਹ ਕਾਰਵਾਈ ਉਸੇ ਨੀਤੀ ਤਹਿਤ ਕੀਤੀ ਗਈ ਹੈ।
