ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਨਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ
ਮੋਹਾਲੀ, 30 ਜੂਨ 2025:ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਜਗਾਂ ਜਗ੍ਹਾਂ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ ਜੇ ਵੱਖ-ਵੱਖ ਪ੍ਰਕਾਰ ਦੀਆਂ ਬੀਮਾਰੀਆਂ (ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨਿਆ ਆਦਿ) ਫੈਲਾਉਂਦੇ ਹਨ। ਇਸ ਤਰ੍ਹਾਂ ਇਹ ਬਿਮਾਰੀਆਂ ਸ਼ਹਿਰ ਵਾਸੀਆਂ ਦੀ ਸਿਹਤ ਲਈ ਇੱਕ ਗੰਭੀਰ ਅਤੇ ਜਾਨਲੇਵਾ ਖਤਰਾ ਹਨ। ਅਜਿਹੀ ਸਥਿਤੀ ਵਿੱਚ ਇਹਨਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਹਨਾਂ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜਰੂਰੀ ਹੈ।
ਇਸ ਲਈ ਮਨੁੱਖੀ ਸਿਹਤ ਅਤੇ ਉਪਰੋਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਨਿੱਜੀ ਕਬਜੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆ ਦੇ ਬਚਾਅ ਲਈ ਅਗਾਉ ਢੁੱਕਵੇਂ ਪ੍ਰਬੰਧ ਯਕੀਨੀ ਬਨਾਉਣ ਦਾ ਹੁਕਮ ਜਾਰੀ ਕੀਤਾ ਹੈ |
ਉਨ੍ਹਾਂ ਜਾਰੀ ਹੁਕਮ ਵਿੱਚ ਕਿਹਾ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। ਆਪਣੀ ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਨਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।
ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਇਕ ਤਰਫਾ ਪਾਸ ਕੀਤਾ ਜਾਂਦਾ ਹੈ ਜੋ ਆਮ ਜਨਤਾ ਨੂੰ ਸੰਬੋਧਿਤ ਹੈ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਜੁਰਮਾਨਾ ਅਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਕੌਂਸਲ/ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ ਸਫਾਈ ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ/ਮਾਲਕ ਪਾਸੋਂ ਕੀਤੀ ਜਾਵੇ।
ਇਹ ਹੁਕਮ ਮਿਤੀ 27.06.2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।