ਅੰਮ੍ਰਿਤਸਰ, 2 ਜੁਲਾਈ- ਦੇਸ਼ ਕਲਿੱਕ ਬਿਓਰੋ
High-level coordination committee meeting: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਵਿਖੇ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਸ਼ਤਾਬਦੀ ਸਬੰਧੀ ਦੇਸ਼ ਭਰ ਅੰਦਰ ਵੱਖ-ਵੱਖ ਗੁਰਮਤਿ ਸਮਾਗਮ, ਸੈਮੀਨਾਰ ਅਤੇ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾਣਾ ਹੈ। ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਨਾਉਣ ਲਈ ਮਾਣਯੋਗ ਪ੍ਰਧਾਨ ਸਾਹਿਬ ਵੱਲੋਂ ਬੀਤੇ ਦਿਨੀਂ ਇਕ ਉੱਚ ਪੱਧਰੀ ਤਾਲਮੇਲ ਕਮੇਟੀ (High-level coordination committee) ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਵਾਸਤੇ ਵਿਚਾਰ ਵਟਾਂਦਰੇ ਲਈ ਇਸ ਤਾਲਮੇਲ ਕਮੇਟੀ ਦੀ ਇਕੱਤਰਤਾ (meeting) 8 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਵੇਗੀ।
