ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਬੀਤੇ ਕੱਲ੍ਹ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਗੈਰ-ਕਾਨੂੰਨੀ ਦੱਸਦੀ ਪਟੀਸ਼ਨ ‘ਤੇ ਕੋਈ ਰਾਹਤ ਨਹੀਂ ਮਿਲੀ।ਇਸ ਪਟੀਸ਼ਨ ‘ਤੇ ਅੱਜ ਫਿਰ ਸੁਣਵਾਈ ਹੋਵੇਗੀ।
ਵੀਰਵਾਰ ਨੂੰ ਸੁਣਵਾਈ ਦੌਰਾਨ, ਜਸਟਿਸ ਤ੍ਰਿਭੁਵਨ ਦਹੀਆ ਦੇ ਬੈਂਚ ਨੇ ਮਜੀਠੀਆ ਦੇ ਵਕੀਲ ਨੂੰ ਤਾਜ਼ਾ ਰਿਮਾਂਡ ਆਰਡਰ ਪੇਸ਼ ਕਰਨ ਲਈ ਇੱਕ ਦਿਨ ਦਾ ਸਮਾਂ ਦਿੱਤਾ। ਪਟੀਸ਼ਨ ‘ਤੇ ਅੱਜ ਸ਼ੁੱਕਰਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਪਟੀਸ਼ਨ ਵਿੱਚ ਮਜੀਠੀਆ ਨੇ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਅਤੇ ਗ੍ਰਿਫ਼ਤਾਰੀ ਰਾਜਨੀਤਿਕ ਬਦਲੇ ਦੀ ਸਾਜ਼ਿਸ਼ ਹੈ।
ਉਨ੍ਹਾਂ ਇਸਨੂੰ ਰਾਜਨੀਤਿਕ ਬਦਲਾ ਕਿਹਾ। ਮਜੀਠੀਆ ਨੇ ਕਿਹਾ ਕਿ 25 ਜੂਨ ਨੂੰ ਮੋਹਾਲੀ ਦੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਐਫਆਈਆਰ ਨਾ ਸਿਰਫ ਗੈਰ-ਕਾਨੂੰਨੀ ਹੈ, ਬਲਕਿ ਉਸੇ ਦਿਨ ਸਵੇਰੇ ਉਨ੍ਹਾਂ ਦੀ ਰਿਹਾਇਸ਼ ਤੋਂ ਕੀਤੀ ਗਈ ਗ੍ਰਿਫ਼ਤਾਰੀ ਵੀ ਨਿਰਧਾਰਤ ਕਾਨੂੰਨੀ ਪ੍ਰਕਿਰਿਆਵਾਂ ਦੀ ਉਲੰਘਣਾ ਹੈ।
