ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ


ਪਹਿਲਾਂ 15 ਜੇਬੀਟੀ ਅਧਿਆਪਕਾਂ ਦੀ ਰੈਗੂਲਰ ਆਧਾਰ ‘ਤੇ ਕੀਤੀ ਗਈ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ ਪਾਲ ਸਿੰਘ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਮੁਲਾਜ਼ਮਾਂ ਵਿੱਚ 5 ਜੇ.ਬੀ.ਟੀ. ਅਧਿਆਪਕ ਵੀ ਸ਼ਾਮਲ ਹਨ, ਜੋ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦਾ ਰਾਹ ਸੁਖਾਲਾ ਹੋਵੇਗਾ। ਇਸ ਤੋਂ ਇਲਾਵਾ 3 ਕਲਰਕ, 1 ਵਾਰਡਰ ਅਤੇ 3 ਗਰੁੱਪ-ਡੀ ਅਧਿਕਾਰੀ ਵੀ ਨਿਯੁਕਤ ਕੀਤੇ ਗਏ।

ਇਹ ਵੀ ਪੜ੍ਹੋ : ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਭਰਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜੇਲ੍ਹ ਵਿਭਾਗ ਵਿੱਚ ਲਗਾਤਾਰ ਰੈਗੂਲਰ ਭਰਤੀਆਂ ਕਰ ਰਹੀ ਹੈ।

ਸ. ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਮੁੜ ਸ਼ਾਮਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਦੇ ਨਾਲ-ਨਾਲ ਕੈਦੀਆਂ ਲਈ ਸੇਵਾਵਾਂ ਵਿੱਚ ਸੁਧਾਰ ਕਰ ਰਹੀ ਹੈ, ਜਿਸ ਵਿੱਚ ਵਿਦਿਅਕ, ਕਿੱਤਾਮੁਖੀ ਅਤੇ ਭਲਾਈ ਪ੍ਰੋਗਰਾਮ ਸ਼ਾਮਲ ਹਨ। ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਜੇਲ੍ਹ ਮੰਤਰੀ ਨੇ ਉਨ੍ਹਾਂ ਨੂੰ ਪੂਰੇ ਜੋਸ਼, ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ।

ਜ਼ਿਕਰਯੋਗ ਹੈ ਕਿ ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਸਾਲ ਜਨਵਰੀ ਵਿੱਚ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ ਅਤੇ ਇਹ ਜੇਲ੍ਹ ਵਿਭਾਗ ਵਿੱਚ ਇਨ੍ਹਾਂ ਅਹੁਦਿਆਂ ਲਈ ਪਹਿਲੀ ਵਾਰ ਕੀਤੀ ਗਈ ਰੈਗੂਲਰ ਭਰਤੀ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਇਹ ਅਧਿਆਪਨ ਵਾਲੀਆਂ ਅਸਾਮੀਆਂ ਆਰਜ਼ੀ ਤੌਰ ‘ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਅੰਦਰ ਸਿਰਫ਼ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੀ ਵਾਰ ਇਹ ਰੈਗੂਲਰ ਭਰਤੀ ਕੀਤੀ ਹੈ।

ਜੇਲ੍ਹ ਵਿਭਾਗ ਵਿੱਚ ਚੱਲ ਰਹੀਆਂ ਭਰਤੀ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਾਲ ਹੀ ਵਿੱਚ ਪੂਰੀ ਹੋਈ ਭਰਤੀ ਮੁਹਿੰਮ ਵਿੱਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀਆਂ ਡਿਊਟੀਆਂ ‘ਤੇ ਜੁਆਇਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸੁਰੱਖਿਆ ਸਟਾਫ ਦੀਆਂ 179 ਅਸਾਮੀਆਂ, ਜਿਸ ਵਿੱਚ 175 ਵਾਰਡਰ ਅਤੇ 4 ਮੈਟਰਨ ਸ਼ਾਮਲ ਹਨ, ਲਈ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਹੈ।

ਵਿਭਾਗ ਦੀ ਮਜ਼ਬੂਤੀ  ਲਈ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ‘ਚ 1,220 ਅਸਾਮੀਆਂ ਨੂੰ ਬਹਾਲ ਕੀਤਾ ਜਾ ਰਿਹਾ ਹੈ, ਜਿਸ ਲਈ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ।

ਸਿੱਖਿਆ ਪਹਿਲਕਦਮੀਆਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰੋਜੈਕਟ ਅਧੀਨ ਇਸ ਸਮੇਂ ਲਗਭਗ 2,200 ਕੈਦੀ ਵੱਖ-ਵੱਖ ਵਿਦਿਅਕ ਕੋਰਸਾਂ ਵਿੱਚ ਦਾਖਲ ਹਨ, ਜਦੋਂ ਕਿ 513 ਕੈਦੀ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਕੋਰਸ ਅਤੇ ਹੋਰ ਕੋਰਸਾਂ ਵਿੱਚ ਦਿੱਤੀ ਜਾ ਰਹੀ ਹੁਨਰ ਵਿਕਾਸ ਸਿਖਲਾਈ ਲੈ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ  ਨੇ ਹੁਣ ਤੱਕ ਰੈਗੂਲਰ ਆਧਾਰ ‘ਤੇ ਲਗਭਗ 55,000  ਸਰਕਾਰੀ ਨੌਕਰੀਆਂ ਸਫਲਤਾਪੂਰਵਕ ਪ੍ਰਦਾਨ ਕੀਤੀਆਂ ਹਨ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤਿਭਾ ਪਲਾਇਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।