ਯੁੱਧ ਨਸ਼ਿਆਂ ਵਿਰੁੱਧ’ ਦੇ 129ਵੇਂ ਦਿਨ ਪੰਜਾਬ ਪੁਲਿਸ ਵੱਲੋਂ 111 ਨਸ਼ਾ ਤਸਕਰ ਗ੍ਰਿਫ਼ਤਾਰ; 41.3 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਬਰਾਮਦ
ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ‘ਚ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 8 ਜੁਲਾਈ: ਦੇਸ਼ ਕਲਿੱਕ ਬਿਓਰੋ
Police conducts search operation: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 129ਵੇਂ ਦਿਨ ਵਿੱਚ ਦਾਖਲ ਹੋ ਗਈ, ਜਿਸ ਦੌਰਾਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 180 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (search operation) ਚਲਾਈ।
ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ।
ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀ/ਐਸਐਸਪੀ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਬੱਸ ਅੱਡਿਆਂ ‘ਤੇ ਚਲਾਈ ਗਈ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਇਸ ਤੋਂ ਇਲਾਵਾ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਅੱਜ 458 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ 129 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 21,026 ਹੋ ਗਈ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 41.3 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਅਤੇ 23,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 473 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੀ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਕੋਹੜ ਜੜ੍ਹੋਂ ਖ਼ਤਮ ਨਹੀਂ ਹੋ ਜਾਂਦਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 83 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸ.ਏ.ਐਸ.ਨਗਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਸਮੇਤ ਹਰੇਕ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਹੈ।