• “ਨਸ਼ਾ ਮੁਕਤੀ ਯਾਤਰਾ” ਤਹਿਤ ਭਗਤਾ ਭਾਈਕਾ, ਮਲੂਕਾ ਖੁਰਦ ਤੇ ਨਵਾਂ ਕੇਸਰ ਸਿੰਘ ਵਾਲਾ ਵਿਖੇ ਕਰਵਾਏ ਸਮਾਗਮ
ਬਠਿੰਡਾ, 18 ਜੁਲਾਈ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਨੂੰ ਜਿਥੇ ਮੁਕੰਮਲ ਤੌਰ ‘ਤੇ ਬੂਰ ਪੈ ਰਿਹਾ ਹੈ ਉਥੇ ਹੀ ਆਮ ਲੋਕਾਂ ਵਲੋਂ ਇਸ ਮੁਹਿੰਮ ਨੂੰ ਪੂਰਨ ਤੌਰ ‘ਤੇ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਪਿੰਡ ਭਗਤਾ ਭਾਈਕਾ, ਮਲੂਕਾ ਖੁਰਦ ਤੇ ਨਵਾਂ ਕੇਸਰ ਸਿੰਘ ਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ੇ ਦਾ ਸੇਵਨ ਨਾ ਕਰਨ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਨਾ ਦੇਣ ਦੀ ਸਹੁੰ ਵੀ ਚੁਕਾਈ। ਇਸ ਮੌਕੇ ਉਹਨਾਂ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰ ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਨੌਜਵਾਨ ਵਰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ੇ ਖਿਲਾਫ ਲੜਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਆਮ ਲੋਕਾਂ ਦੇ ਨਾਲ-ਨਾਲ ਨੋਜਵਾਨ ਵਰਗ ਦੇ ਸਹਿਯੋਗ ਦੀ ਪੂਰਨ ਲੋੜ ਹੈ ਤਾਂ ਜੋ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕੀਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੁਚੀ ਵਧਾਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।
ਵਿਧਾਇਕ ਸ਼੍ਰੀ ਸਿੱਧੂ ਨੇ ਕਿਹਾ ਕਿ ਜੋ ਲੋਕ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਚੁੰਗਲ ਵਿੱਚ ਫਸ ਚੁੱਕੇ ਹਨ ਉਨ੍ਹਾਂ ਦਾ ਮੁਫਤ ਇਲਾਜ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਕੱਠੇ ਹੋਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾਂ ਤਸਕਰਾਂ ਖਿਲਾਫ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਮਾੜੀ ਅਲਾਮਤ ਦਾ ਪੂਰੀ ਤਰ੍ਹਾਂ ਖਾਤਮਾ ਹੋ ਸਕੇ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾ ਵੱਲੋਂ ਸ਼ਿਰਕਤ ਕੀਤੀ ਗਈ।