ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

ਪੰਜਾਬ


— ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 141ਵੇਂ ਦਿਨ 110 ਨਸ਼ਾ ਤਸਕਰਾਂ ਗ੍ਰਿਫ਼ਤਾਰ, 1.4 ਕਿਲੋਗ੍ਰਾਮ ਹੈਰੋਇਨ ਬਰਾਮਦ


ਚੰਡੀਗੜ੍ਹ, 20 ਜੁਲਾਈ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ- XVII’ ਚਲਾਇਆ, ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ‘ਤੇ ਨਜ਼ਰ ਰੱਖੀ ਜਾ ਸਕੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਰਣਨੀਤਕ ਸਥਾਨਾਂ ‘ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸਟਾਫ਼ ਲਗਾਉਣ ਦੇ ਨਿਰਦੇਸ਼ ਦਿੱਤੇ ਗਏ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 10 ਜ਼ਿਲ੍ਹਿਆਂ ਦੇ ਘੱਟੋ-ਘੱਟ 92 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ 700 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਨਾਲ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ, ਜੋ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ। ਦੱਸਣਯੋਗ ਹੈ ਕਿ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 2380 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 208 ਦੇ ਚਲਾਨ ਕੀਤੇ ਗਏ ਅਤੇ ਤਿੰਨ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ 9 ਐਫਆਈਆਰ ਵੀ ਦਰਜ ਕੀਤੀਆਂ ਅਤੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 141ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਜਾਰੀ ਰੱਖੀ ਅਤੇ ਐਤਵਾਰ ਨੂੰ 401 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 75 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 141 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,764 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ ਅਤੇ 15 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਗਈ ਹੈ।

ਉਹਨਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 438 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 57 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।