ਅੰਮ੍ਰਿਤਸਰ, 26 ਜੁਲਾਈ, ਦੇਸ਼ ਕਲਿਕ ਬਿਊਰੋ :
ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਨਾਮ ਸਰਬਜੀਤ ਉਰਫ਼ ਜੋਬਨ ਵਾਸੀ ਖੰਡ ਵਾਲਾ, ਧਰਮ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਅਜਨਾਲਾ ਹਨ। ਇਨ੍ਹਾਂ ਤਸਕਰਾਂ ਤੋਂ 6 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਵੱਲੋਂ ਡਰੋਨ ਰਾਹੀਂ ਹੈਰੋਇਨ ਦੀ ਇੱਕ ਖੇਪ ਸਰਹੱਦ ਪਾਰ ਭੇਜੀ ਗਈ ਸੀ, ਜੋ ਕਿ ਮੁਲਜ਼ਮ ਸਰਬਜੀਤ ਉਰਫ਼ ਜੋਬਨ ਨੂੰ ਪ੍ਰਾਪਤ ਹੋਈ। ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਇਸ ਮੁਲਜ਼ਮ ਅਤੇ ਉਸਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਦੋ ਹੋਰ ਤਸਕਰਾਂ ਧਰਮ ਸਿੰਘ ਅਤੇ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੋਵਾਂ ਤਸਕਰਾਂ ਤੋਂ ਪੰਜ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਸਰਬਜੀਤ ਉਰਫ਼ ਜੋਬਨ ਸਰਹੱਦ ਪਾਰੋਂ ਬਦਨਾਮ ਤਸਕਰ ਰਾਣਾ ਨਾਲ ਸਿੱਧੇ ਸੰਪਰਕ ਵਿੱਚ ਸੀ। ਇਨ੍ਹਾਂ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਏਅਰਪੋਰਟ ਅਤੇ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ ਅਤੇ ਹੋਰ ਬਰਾਮਦਗੀਆਂ ਕੀਤੀਆਂ ਜਾ ਸਕਣ।
