ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿੱਕ ਬਿਓਰੋ :
ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ।
ਵਿੱਤ ਮੰਤਰੀ ਦੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਅਤੇ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਕਿ ਇਸ ਯੂਨੀਅਨ ਸਮੇਤ ਸਾਰੀਆਂ ਸਬੰਧਤ ਯੂਨੀਅਨਾਂ ਦੀ ਸਾਂਝੀ ਮੀਟਿੰਗ ਸੱਦ ਕੇ ਸਾਂਝੇ ਘੱਟੋ-ਘੱਟ ਪ੍ਰੋਗਰਾਮ ਤਹਿਤ ਇੱਕ ਪ੍ਰਸਤਾਵ ਤਿਆਰ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਤਜਵੀਜ਼ ਨੂੰ ਫਿਰ ਅਗਲੀ ਮੀਟਿੰਗ ਵਿੱਚ ਕੈਬਨਿਟ ਸਬ-ਕਮੇਟੀ ਕੋਲ ਢੁਕਵੇਂ ਹੱਲ ਲਈ ਪੇਸ਼ ਕੀਤਾ ਜਾਵੇ।
ਵਿੱਤ ਮੰਤਰੀ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਅਤੇ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਮਸਲਿਆਂ ਅਤੇ ਮੰਗਾਂ ਨੂੰ ਵੀ ਧਿਆਨ ਨਾਲ ਸੁਣਦਿਆਂ ਇਸ ਪ੍ਰਤੀ ਹਮਦਰਦੀ ਨਾਲ ਵਿਚਾਰ ਕੀਤਾ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਵਚਨਬੱਧ ਹੈ ਅਤੇ ਲੋੜੀਂਦੇ ਹੱਲ ਜਲਦੀ ਲੱਭੇ ਜਾਣਗੇ।
ਅੱਜ ਦੀਆਂ ਮੀਟਿੰਗਾਂ ਵਿੱਚ ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ, ਮੀਤ ਪ੍ਰਧਾਨ ਕਿਰਨਦੀਪ ਕੌਰ ਅਤੇ ਕੈਸ਼ੀਅਰ ਹਰਬੰਸ ਸਿੰਘ, ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਫੁੱਮਣ ਸਿੰਘ, ਕਿਸ਼ੋਰ ਚੰਦ ਗਾਜ ਅਤੇ ਸੁਖਚੈਨ ਸਿੰਘ, ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ ਦੇ ਪ੍ਰਧਾਨ ਸ਼ੇਰ ਸਿੰਘ ਖੰਨਾ, ਖਜ਼ਾਨਚੀ ਗੁਰਵਿੰਦਰ ਸਿੰਘ ਧਾਲੀਵਾਲ ਅਤੇ ਸਹਾਇਕ ਖਜ਼ਾਨਚੀ ਪ੍ਰਦੀਪ ਸਿੰਘ ਛਾਹਰ ਸਮੇਤ ਪ੍ਰਮੁੱਖ ਨੁਮਾਇੰਦੇ ਮੌਜੂਦ ਸਨ।