NPS ਕਰਮਚਾਰੀਆਂ ਨੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਰੁਜ਼ਗਾਰ

ਪਹਿਲੀ ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਮਾਰਚ, ਅਧਿਆਪਕ ਦਿਵਸ ’ਤੇ ਭੁੱਖ ਹੜਤਾਲ ਅਤੇ 25 ਨਵੰਬਰ ਨੂੰ ਦਿੱਲੀ ਕੂਚ ਦਾ ਐਲਾਨ
ਦੀਪਕ ਠਾਕੁਰ
ਤਲਵਾੜਾ, 29 ਜੁਲਾਈ, ਦੇਸ਼ ਕਲਿੱਕ ਬਿਓਰੋ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਨਿਰਣਾਇਕ ਸੰਘਰਸ਼ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਸੂਬਾ ਕਨਵੀਨਰ ਜਸਵੀਰ ਤਲਵਾੜਾ, ਸੂਬਾਈ ਵਿੱਤ ਸਕੱਤਰ ਵਰਿੰਦਰ ਵਿੱਕੀ ਅਤੇ ਆਈ ਟੀ ਇੰਚਾਰਜ ਸੱਤ ਪ੍ਰਕਾਸ਼ ਨੇ ਦਿੱਤੀ। ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਰਾਸ਼ਟਰੀ ਪੱਧਰ ’ਤੇ ਬਣੀ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਕਮੇਟੀ ਨੇ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਇਸ ਐਲਾਨ ਤਹਿਤ ਦੇਸ਼ ਪੱਧਰ ’ਤੇ ਪ੍ਰੋਗਰਾਮ ਦਿੱਤੇ ਹਨ। ਪੰਜਾਬ ’ਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐਫ਼ ਕਰਮਚਾਰੀ ਯੂਨੀਅਨ ਨੇ ਸਾਂਝੇ ਰੂਪ ਵਿਚ ਪ੍ਰੋਗਰਾਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਪਹਿਲੀ ਅਗਸਤ ਨੂੰ ਜ਼ਿਲ੍ਹਾ ਹੈਡਕੁਆਟਰਾਂ ’ਤੇ ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ, ਐਨਪੀਐਸ ਅਤੇ ਯੂਪੀਐਸ ਦੀ ਵਿਰੋਧਤਾ ਤੇ ਨਿੱਜੀਕਰਨ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ ਜਾਵੇਗਾ। 5 ਸਤੰਬਰ ਨੂੰ ਅਧਿਆਪਕ ਦਿਵਸ ’ਤੇ ਦੇਸ਼ ਭਰ ’ਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਭੁੱਖ ਹੜਤਾਲ ਕੀਤੀ ਜਾਵੇਗੀ। ਪਹਿਲੀ ਅਕਤੂਬਰ ਨੂੰ ਸੋਸ਼ਲ ਮੀਡੀਆ ’ਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਹੱਕ ’ਚ ਮੁਹਿੰਮ ਚਲਾਈ ਜਾਵੇਗੀ। 25 ਨਵੰਬਰ ਨੂੰ ਦਿੱਲੀ ਵਿਖੇ ਕੌਮੀ ਪੱਧਰ ’ਤੇ ਰੋਸ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਪੰਜਾਬ ਸਰਕਾਰ ’ਤੇ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕਰਕੇ ਭੱਜਣ ਦੇ ਦੋਸ਼ ਲਗਾਏ ਹਨ। ਉੱਥੇ ਹੀ ਭਾਜਪਾ ਸਰਕਾਰ ਨੂੰ ਮੁਲਾਜ਼ਮ ਅਤੇ ਪੁਰਾਣੀ ਪੈਨਸ਼ਨ ਵਿਰੋਧੀ ਕਰਾਰ ਦਿੱਤਾ ਹੈ। ਭਾਜਪਾ ਨੇ ਰਾਜਸਥਾਨ ਅਤੇ ਛੱਤੀਸਗੜ ’ਚ ਸੱਤਾ ਵਾਪਸੀ ਉਪਰੰਤ ਯੂਪੀਐਸ ਲਾਗੂ ਕਰਕੇ ਐਨਪੀਐਸ ਮੁਲਾਜ਼ਮਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਆਗੂਆਂ ਨੇ ਦਸਿਆ ਕਿ ਉਕਤ ਐਕਸ਼ਨਾਂ ਨੂੰ ਪੰਜਾਬ ਵਿਚ ਦੋਵੇਂ ਜਥੇਬੰਦੀਆਂ ਵੱਲੋਂ ਪ੍ਰਭਾਵੀ ਢੰਗ ਨਾਲ ਅਮਲ ਵਿਚ ਲਿਆਂਦਾ ਜਾਵੇਗਾ। ਬਲਾਕ ਪੱਧਰੀ ਮੀਟਿੰਗਾਂ ਕਰਕੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਦੋਖੀ ਨੀਤੀਆਂ ਨੂੰ ਲੋਕ ਕਚਿਹਰੀ ਵਿੱਚ ਰੱਖਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।