ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ BBMB ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਪੰਜਾਬ

ਪੰਜਾਬ ਨੇ ਹਰਿਆਣਾ ਤੋਂ 113.24 ਕਰੋੜ ਰੁਪਏ ਦੇ ਬਕਾਏ ਦੀ ਕੀਤੀ ਮੰਗ

ਬੀਬੀਐਮਬੀ ਨੂੰ ਸੁਰੱਖਿਆ ਮੁਹੱਈਆ ਕਰਨ ਲਈ ਪੰਜਾਬ ਪੁਲਿਸ ਦੀਆਂ ਯੋਗਤਾਵਾਂ ਵਿੱਚ ਵਿਸ਼ਵਾਸ ਦੁਹਰਾਇਆ

ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਆਮ ਆਦਮੀ ਪਾਰਟੀ’ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ ਹੋਰ ਭਾਈਵਾਲ ਰਾਜਾਂ ਵੱਲੋਂ ਸੂਬੇ ਨੂੰ ਲੰਬੇ ਸਮੇਂ ਤੋਂ ਬਕਾਇਆ ਬਕਾਏ ਦੀ ਵਸੂਲੀ ਲਈ ਜ਼ੋਰਦਾਰ ਢੰਗ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਰਾਜ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਬੀਬੀਐਮਬੀ ਦੇ ਅੰਦਰ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਨੇ ਦੂਜੇ ਰਾਜਾਂ ਨੂੰ ਆਪਣੇ ਨਿਰਧਾਰਤ ਹਿੱਸੇ ਤੋਂ ਵੱਧ ਪਾਣੀ ਪ੍ਰਾਪਤ ਕਰਨ ਅਤੇ ਬਣਦੀਆਂ ਦੇਣਦਾਰੀਆਂ ਦਾ ਸਮੇਂ ਸਿਰ ਭੁਗਤਾਨ ਨਾ ਕਰਨ ਦੀ ਖੁੱਲ੍ਹ ਦਿੱਤੀ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨ੍ਹਾਂ ਰਾਜਾਂ ਵੱਲ ਬਕਾਇਆ ਹੈ ਨਾਲ ਇਨ੍ਹਾਂ ਮਹੱਤਵਪੂਰਨ ਮੁੱਦਿਆਂ ਨੂੰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਬੀਬੀਐਮਬੀ ਦੇਣਦਾਰੀ, ਜੋ ਕਿ 113.24 ਕਰੋੜ ਰੁਪਏ ਹੈ, ਹੁਣ ਅਧਿਕਾਰਤ ਤੌਰ ‘ਤੇ ਨਿਪਟਾਰੇ ਲਈ ਹਰਿਆਣਾ ਸਰਕਾਰ ਨੂੰ ਭੇਜ ਦਿੱਤੀ ਗਈ ਹੈ ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਬੰਧਤ ਪੰਜਾਬ ਅਧਿਕਾਰੀਆਂ ਦੁਆਰਾ ਕੀਤੀ ਗਈ ਸਮੀਖਿਆ ਪ੍ਰਕਿਰਿਆ ਵਿੱਚ ਬਕਾਇਆ ਰਕਮਾਂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਬਕਾਏ ਵਿੱਚ ਐਕਸੀਅਨ ਬੀਐਮਐਲ ਕਨਾਲ ਡਿਵੀਜ਼ਨ, ਪਟਿਆਲਾ ਨੂੰ 103.92 ਕਰੋੜ ਰੁਪਏ ਅਤੇ ਮਾਨਸਾ ਕਨਾਲ ਡਿਵੀਜ਼ਨ, ਜਵਾਹਰਕੇ ਲਈ 9.32 ਕਰੋੜ ਰੁਪਏ ਸ਼ਾਮਲ ਹਨ, ਜੋ ਕਿ ਭਾਖੜਾ ਸਿਸਟਮ ਦੇ ਸਾਂਝੇ ਕੈਰੀਅਰ ਚੈਨਲਾਂ ਦੇ ਸੰਚਾਲਨ ਅਤੇ ਰੱਖ-ਰਖਾਅ ‘ਤੇ ਹੋਏ ਅਸਲ ਖਰਚਿਆਂ ਦੀ ਅਦਾਇਗੀ ਨਾਲ ਸਬੰਧਤ ਹਨ।

ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੂੰ ਤਾਇਨਾਤ ਕਰਨ ਲਈ ਬੀਬੀਐਮਬੀ ਵੱਲੋਂ ਫੰਡ ਦੀ ਕੀਤੀ ਗਈ ਮੰਗ ਸੰਬੰਧੀ ਇੱਕ ਸਵਾਲ ਦਾ ਜਵਾਬ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਸੂਬੇ ਦੇ ਤਿੰਨ ਕਰੋੜ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਸ ਕਦਮ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਮਤਾ, ਜੋ ਕੇਂਦਰ ਅਤੇ ਬੀਬੀਐਮਬੀ ਦੋਵਾਂ ਨੂੰ ਭੇਜਿਆ ਗਿਆ ਹੈ, ਵਿੱਚ ਬੀਬੀਐਮਬੀ ਦੀਆਂ ਜਾਇਦਾਦਾਂ ਨੂੰ ਸੁਰੱਖਿਅਤ ਕਰਨ ਲਈ ਪੰਜਾਬ ਪੁਲਿਸ ਦੀਆਂ ਸਮਰੱਥਾਵਾਂ ‘ਤੇ ਪੂਰਾ ਭਰੋਸਾ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਹੁਣ ਤੱਕ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕਦੇ ਵੀ ਪੰਜਾਬ ਪੁਲਿਸ ਦੁਆਰਾ ਬੀ.ਬੀ.ਐਮ.ਬੀ ਨੂੰ ਪ੍ਰਦਾਨ ਕੀਤੇ ਗਏ ਸੁਰੱਖਿਆ ਘੇਰੇ ਦੀ ਉਲੰਘਣਾ ਨਹੀਂ ਕੀਤੀ ਜਾ ਸਕੀ ਹੈ।

ਬਕਾਇਆ ਬੀਬੀਐਮਬੀ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਇਹ ਸਰਗਰਮ ਰੁਖ਼ ਪੰਜਾਬ ਅਤੇ ਇਸਦੇ ਨਾਗਰਿਕਾਂ ਦੇ ਹੱਕਾ ਦੀ ਰਾਖੀ ਲਈ ਮਜ਼ਬੂਤ ਪਹਿਰਾ ਦੇਣ ਵਾਸਤੇ ਇਖਤਿਆਰ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।