ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਲਾਕਾਂ ਦੇ ਪੁਨਰਗਠਨ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ। ਮੰਤਰੀ ਮੰਡਲ ਦੇ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਅੰਦਰ ਬਲਾਕਾਂ ਦੀ ਵੰਡ ਸਬੰਧੀ ਅਹਿਮ ਫੈਸਲਾ ਕੀਤਾ ਗਿਆ ਹੈ। ਪੁਰਾਣੇ 154 ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਹੈ। ਇਨ੍ਹਾਂ ਬਲਾਕਾਂ ਵਿੱਚ ਕੋਈ ਨਵਾਂ ਬਲਾਕ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਕੁਝ ਬਲਾਕਾਂ ਦੇ ਨਾਮ ਵੀ ਬਦਲੇ ਗਏ ਹਨ।
ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬੀਬੀਐਮਬੀ ਦੇ ਹਰਿਆਣਾ ਵੱਲ ਖੜ੍ਹੇ ਬਕਾਏ ਸਬੰਧੀ 113 ਕਰੋੜ ਰੁਪਏ ਦਾ ਬਿੱਲ ਹਰਿਆਣਾ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਨੇ ਇਸ ਪਾਸੇ ਨਜ਼ਰ ਹੀ ਨਹੀਂ ਮਾਰੀ। ਪੰਜਾਬ ਦੇ ਜਲ ਸਰੋਤ ਵਿਭਾਗ ਨੇ ਹੁਣ ਹਰਿਆਣਾ ਦੇ ਸਿੰਚਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ 113.24 ਕਰੋੜ ਦੇ ਬਕਾਏ ਦੀ ਅਦਾਇਗੀ ਸਬੰਧੀ ਬਿੱਲ ਭੇਜਿਆ ਗਿਆ ਹੈ।