ਜਲ੍ਹਿਆਂ ਵਾਲਾ ਬਾਗ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਖੇ ਸਾਫ ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਵਿਰਾਸਤੀ ਗਲੀ ਵਿੱਚ ਦੋ ਹੋਰ ਰੇਨ ਹਾਰਵੈਸਟਿੰਗ ਸਿਸਟਮ ਲਗਾਏ ਜਾਣਗੇ
ਅੰਮ੍ਰਿਤਸਰ 31 ਜੁਲਾਈ, ਦੇਸ਼ ਕਲਿੱਕ ਬਿਓਰੋ :
ਆਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਬਦੋਲਤ ਹੀ ਅਸ਼ੀ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਵਲੋ ਦਿਖਾਏ ਗਏ ਰਸਤੇ ਉਤੇ ਚਲਦਿਆਂ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖੀਏ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਲਿਆਂਵਾਲਾ ਬਾਗ ਵਿਚ ਸਥਿਤ ਸ਼ਹੀਦ ਊਧਮ ਸਿੰਘ ਦੇ 86 ਵੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਸਮੇ ਕੀਤਾ। ਇਸ ਮੌਕੇ ਉਹਨਾਂ ਵੱਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਉਹਨਾਂ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਇਹਨਾਂ ਦੇ ਦਿਖਾਏ ਗਏ ਰਸਤੇ ਤੇ ਚਲਦਿਆਂ ਹੋਇਆਂ ਆਪਣੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਜਲਿਆਂ ਵਾਲੇ ਬਾਗ ਵਿਖੇ ਪੁਰਾਤਤਵ ਵਿਭਾਗ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਫ ਸਫਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ ਸਟੇਟ ਵਿਖੇ ਚੱਲ ਚੱਲ ਰਹੀ ਸਾਫ ਸਫਾਈ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਹੈਰੀਟੇਜ ਸਟਰੀਟ ਵਿਖੇ ਦੋ ਹੋਰ ਰੇਨ ਹਾਰਵੈਸਟਿੰਗ ਸਿਸਟਮ ਸਥਾਪਿਤ ਕੀਤੇ ਜਾਣਗੇ , ਤਾਂ ਜੋ ਬਰਸਾਤਾਂ ਦੇ ਦਿਨਾਂ ਵਿੱਚ ਇੱਥੇ ਪਾਣੀ ਇਕੱਠਾ ਨਾ ਹੋ ਸਕੇ।