ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਚਮਕੌਰ ਸਾਹਿਬ (ਰੋਪੜ), 2 ਅਗਸਤ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ‘ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਮਿਲਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਸਿੰਘ ਮਾਨ ਨੇ ਆਪਣੀ ਫੇਰੀ ਨੂੰ ਵਿਸ਼ੇਸ਼ ਦੱਸਦਿਆਂ ਕਿਹਾ ਕਿ ਇਹ ਉਹ ਪਵਿੱਤਰ ਸਥਾਨ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਦਿੱਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਪਵਿੱਤਰ ਧਰਤੀ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਏਗੀ ਅਤੇ ਇਸ ਲਈ ਸਾਰੇ ਲੋੜੀਂਦੇ ਯਤਨ ਜਾਰੀ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸਰਕਾਰ ਇਸ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਵਾਲੇ ਸਥਾਨ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੁਚੱਜੀ ਯੋਜਨਾਬੰਦੀ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ ਅਤੇ ਇਸ ਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਪਹਿਲਾਂ ਹੀ ਇੱਕ ਨਵੀਂ ਅਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਪੇਸ਼ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਦੀ ਫੀਡਬੈਕ ਲਈ ਜਾਵੇਗੀ ਅਤੇ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਹਰੇਕ ਫ਼ੈਸਲਾ ਜਨਤਾ ਨਾਲ ਸਲਾਹ-ਮਸ਼ਵਰਾ ਕਰਕੇ ਹੀ ਲਿਆ ਜਾਂਦਾ ਹੈ।

ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਬੀਤੇ ਸਮੇਂ ਵਿੱਚ ਕਾਂਗਰਸੀ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ, ਜਿਸ ਨਾਲ ਗੈਰ ਸਮਾਜੀ ਤੱਤਾਂ ਨੂੰ ਉਤਸ਼ਾਹ ਮਿਲਦਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਨੂੰ ਇਨ੍ਹਾਂ ਗੁੰਡਾ ਅਨਸਰਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਅਤੀਤ ਵਿੱਚ ਕੀਤੇ ਕੰਮਾਂ ਦੇ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।