*ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ
*ਪਹਿਲੀ ਵਾਰ ਬਜਟ ਵਿੱਚ ਕਰੀਬ 01 ਹਜ਼ਾਰ ਕਰੋੜ ਰੁਪਏ ਖੇਡਾਂ ਦੇ ਵਿਕਾਸ ਲਈ ਰੱਖੇ
ਸੰਗਰੂਰ, 02 ਅਗਸਤ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਬਹੁਪੱਖੀ ਵਿਕਾਸ ਜੰਗੀ ਪੱਧਰ ਉੱਤੇ ਕਰਵਾਇਆ ਜਾ ਰਿਹਾ ਹੈ ਤੇ ਨੌਜਵਾਨੀ ਦੀ ਸਾਂਭ ਸੰਭਾਲ ਅਤੇ ਵਿਕਾਸ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ, ਜਿਸ ਦੇ ਬਹੁਤ ਹੀ ਸਾਰਥਿਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ। ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਵਿਕਾਸ ਲਈ ਕਰੀਬ 01 ਹਜ਼ਾਰ ਕਰੋੜ ਰੁਪਏ ਬਜਟ ਵਿੱਚ ਰੱਖੇ ਗਏ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ, ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਪੁਲੀਸ ਲਾਈਨ ਵਿਖੇ ਕਰੀਬ 24 ਲੱਖ 95 ਹਜ਼ਾਰ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ। ਇਹਨਾਂ ਪ੍ਰੋਜੈਕਟਾਂ ਤਹਿਤ ਪੁਲੀਸ ਲਾਈਨ ਵਿਖੇ ਪੁਲੀਸ ਮਾਰਟੀਅਰਜ਼ ਮੈਮੋਰੀਅਲ ਸਟੇਡੀਅਮ ਦਾ ਕਰੀਬ 11,25,000 ਦੀ ਲਾਗਤ ਨਾਲ ਸ਼ੈੱਡ ਤਿਆਰ ਕੀਤਾ ਗਿਆ ਹੈ। ਸਟੇਡੀਅਮ ਵਿੱਚ ਕਰੀਬ 1,30,000 ਰੁਪਏ ਦੀ ਲਾਗਤ ਨਾਲ ਪੋਲ ਲਾਈਟਾਂ ਲਗਾਈਆਂ ਗਈਆਂ ਹਨ।
ਕਰੀਬ 03 ਲੱਖ ਰੁਪਏ ਦੀ ਲਾਗਤ ਨਾਲ ਇੱਕ ਹੋਰ ਵੱਖਰਾ ਸ਼ੈੱਡ ਪਾਇਆ ਗਿਆ ਹੈ। ਕਰੀਬ 09,40,000 ਰੁਪਏ ਦੀ ਲਾਗਤ ਨਾਲ ਬੈਡਮਿਟਨ ਕੋਰਟ ਦੀ ਪੂਰਨ ਤੌਰ ‘ਤੇ ਕਾਇਆ ਕਲਪ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜਦੋਂ ਉਹ ਪਿਛਲੀ ਵਾਰ ਇਥੇ ਪੁੱਜੇ ਸਨ ਤਾਂ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਖੇਡ ਮੈਦਾਨਾਂ ਦੇ ਵਿਕਾਸ ਲਈ ਗਰਾਂਟ ਦੀ ਮੰਗ ਰੱਖੀ ਗਈ ਸੀ ਤੇ ਉਸ ਗਰਾਂਟ ਨਾਲ ਬਹੁਤ ਹੀ ਵਧੀਆ ਕਾਰਜ ਇੱਥੇ ਕੀਤੇ ਗਏ ਹਨ ਤੇ ਪੁਲੀਸ ਲਾਈਨ ਵਿਚਲੇ ਖੇਡ ਮੈਦਾਨਾਂ ਦੀ ਕਾਇਆ ਕਲਪ ਲਈ ਬਹੁਤ ਜਲਦ ਹੋਰ ਗਰਾਂਟ ਦਿੱਤੀ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ਬੱਚੇ ਅਤੇ ਨੌਜਵਾਨ ਪੁਲੀਸ ਲਾਈਨ ਵਿਖੇ ਸਥਾਪਤ ਵੱਖੋ ਵੱਖ ਖੇਡ ਮੈਦਾਨਾਂ ਵਿੱਚ ਅਭਿਆਸ ਕਰਦੇ ਹਨ ਤੇ ਸਰਕਾਰ ਵੱਲੋਂ ਖੇਡਾਂ ਦਾ ਪੱਧਰ ਉੱਚਾ ਚੁੱਕਣ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵੱਲ ਸਾਬਤ ਕਦਮੀਂ ਅੱਗੇ ਵਧਿਆ ਜਾ ਰਿਹਾ ਹੈ। ਹਰ ਪਿੰਡ ਵਿੱਚ ਖੇਡ ਮੈਦਾਨ ਤੇ ਕਈ ਪਿੰਡਾਂ ਵਿੱਚ ਇੱਕ ਤੋਂ ਵੱਧ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਜਾ ਰਹੇ ਹਨ।
ਸ. ਚੀਮਾ ਨੇ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਦੇ ਪਿੰਡਾਂ ਵਿਚੋਂ ਨਿਕਲ ਕੇ ਨੌਜਵਾਨ ਮੁੰਡੇ ਕੁੜੀਆਂ ਅੰਤਰਰਾਸ਼ਟਰੀ ਪੱਧਰ ਉੱਤੇ ਦੇਸ਼ ਦੀ ਅਗਵਾਈ ਕਰਨਗੇ ਅਤੇ ਨਾਮਣਾ ਖੱਟਣਗੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰ ਕੇ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਗਈਆਂ ਹਨ, ਉਥੇ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।
ਸ. ਚੀਮਾ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। ਉਹਨਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈਣ।
ਜ਼ਿਕਰਯੋਗ ਹੈ ਕਿ ਪੁਲੀਸ ਲਾਈਨ ਸਟੇਡੀਅਮ ਵਿੱਚ ਹਰ ਸਾਲ 26 ਜਨਵਰੀ (ਗਣਤੰਤਰ ਦਿਵਸ) ਅਤੇ 15 ਅਗਸਤ (ਅਜ਼ਾਦੀ ਦਿਵਸ) ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਸਟੇਡੀਅਮ ਵਿੱਚ ਰੋਜ਼ਾਨਾ ਵੱਡੀ ਤਦਾਦ ਵਿੱਚ ਖੇਡਾਂ ਦੀ ਪ੍ਰੈਕਟਿਸ ਕਰਨ ਲਈ ਬੱਚੇ ਤੇ ਨੌਜਵਾਨ ਆਉਂਦੇ ਹਨ। ਇਸ ਸਟੇਡੀਅਮ ਵਿੱਚ ਪ੍ਰੈਕਟਿਸ ਕਰ ਕੇ ਬਹੁਤ ਸਾਰੇ ਬੱਚਿਆਂ ਨੇ ਸਟੇਟ, ਨੈਸ਼ਨਲ ਅਤੇ ਕੌਮਾਂਤਰੀ ਪੱਧਰ ‘ਤੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਬੈਡਮਿੰਟਨ ਖੇਡਿਆ ਅਤੇ ਨਿਸ਼ਾਨੇਬਾਜ਼ੀ ਵੀ ਕੀਤੀ। ਇਸ ਦੌਰਾਨ ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਨਾਮਣਾ ਖੱਟਣ ਵਾਲੇ ਜ਼ਿਲ੍ਹੇ ਦੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ, ਐੱਸ.ਪੀ. (ਐੱਚ) ਸ. ਦਿਲਪ੍ਰੀਤ ਸਿੰਘ,
ਕੈਬਨਿਟ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਗੁਰਵਿੰਦਰ ਸਿੰਘ ਚੱਠਾ
ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਖਿਡਾਰੀ ਤੇ ਪਤਵੰਤੇ ਹਾਜ਼ਰ ਸਨ।