· ਤਿਆਰੀਆਂ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਕੋਤਾਹੀ ਨਾ ਵਰਤੀਂ ਜਾਵੇ
· ਸਮਾਂ ਰਹਿੰਦੇ ਹੀ ਤਿਆਰੀਆਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਬਠਿੰਡਾ, 8 ਅਸਗਤ : ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ (15 ਅਗਸਤ 2025) ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਆਗਾਊਂ ਤਿਆਰੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਸਮੀਖਿਆਂ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਤੇ ਕੋਤਾਹੀ ਨਾ ਵਰਤੀਂ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਮਾਂ ਰਹਿੰਦੇ ਹੀ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰਨਾ ਲਾਜ਼ਮੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਬਿਜਲੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ।
ਉਨ੍ਹਾਂ ਇਹ ਵੀ ਖ਼ਾਸ ਹਦਾਇਤ ਕਰਦਿਆਂ ਕਿਹਾ ਕਿ ਬਿਜਲੀ ਦੀਆਂ ਨੰਗੀਆਂ ਤੇ ਢਿੱਲੀਆਂ ਤਾਰਾਂ ਨਾ ਹੋਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਿਹਰਸਲ ਤੇ ਸਮਾਗਮ ਵਾਲੇ ਦਿਨ ਐਂਬੂਲੈਸ ਤੇ ਡਾਕਟਰੀ ਟੀਮਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੇ ਦਿਨ ਤੋਂ ਇਲਾਵਾ ਰਿਹਰਸਲਾਂ ਦੌਰਾਨ ਵੀ ਬੱਚਿਆਂ ਲਈ ਪੀਣ ਵਾਲੇ ਪਾਣੀ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ‘ਚ ਵੱਖ-ਵੱਖ ਸਜਾਵਟੀ ਗੇਟ ਬਣਾਉਣ ਤੇ ਚੌਂਕਾਂ ਦੀ ਸਜਾਵਟ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਟੇਜ ਦੀ ਸਜਾਵਟ, ਬੈਰੀਕੇਡਿੰਗ, ਸਾਫ਼ ਪੀਣ ਵਾਲੇ ਪਾਣੀ ਤੇ ਸਾਫ਼-ਸਫ਼ਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਰਜੀ ਪਖਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫਸਰ ਮੈਡਮ ਹਰਸ਼ਿਤ ਸ਼ਰਮਾ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗਗਨਦੀਪ ਸਿੰਘ, ਸਿਹਤ, ਸਿੱਖਿਆ, ਪੁਲਿਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।