ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ

ਟ੍ਰਾਈਸਿਟੀ

ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਨੂੰ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਸਖਤ ਨਿਰੇਦਸ਼

*ਮਾਨ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ- ਵਿਨੀਤ ਵਰਮਾ*

ਮੋਹਾਲੀ, 08 ਅਗਸਤ, 2025, ਦੇਸ਼ ਕਲਿੱਕ ਬਿਓਰੋ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਮੋਹਾਲੀ ਦੇ ਫੇਜ਼ 11 ਅਤੇ ਫੇਜ਼ 10 ਦੇ ਵਪਾਰੀਆਂ ਅਤੇ ਨਿਵਾਸੀਆਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਮੌਕੇ ਤੇ ਬੁਲਾਇਆ ਗਿਆ, ਜਿਨ੍ਹਾਂ ਵਿੱਚ ਜਨ ਸਿਹਤ ਵਿਭਾਗ ਦੇ ਐਸ.ਡੀ.ਓ. ਰਮਨਦੀਪ ਸਿੰਘ, ਨਗਰ ਨਿਗਮ ਦੇ ਐਸ.ਡੀ.ਓ. ਧਰਮਿੰਦਰ ਅਤੇ ਗਮਾਡਾ ਦੇ ਐਸ.ਡੀ.ਓ. ਆਕਾਸ਼ਦੀਪ ਸਿੰਘ ਸ਼ਾਮਲ ਸਨ। ਸ੍ਰੀ ਵਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

ਫੇਜ਼ 11 ਵਿੱਚ ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਅਤੇ ਆਮ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਮਾਰਕੀਟ ਪ੍ਰਧਾਨ ਪਵਨ ਗਰਗ ਅਤੇ ਮਿੱਤਲ ਵੱਲੋਂ ਪਾਰਕਿੰਗ ਵਿੱਚ ਪਏ ਸੀਵਰੇਜ ਦੇ ਮਲਬੇ ਨੂੰ ਤੁਰੰਤ ਹਟਾਉਣ ਦੀ ਮੰਗ ‘ਤੇ ਸ੍ਰੀ ਵਰਮਾ ਨੇ ਜਨ ਸਿਹਤ ਵਿਭਾਗ ਦੇ ਐਸ.ਡੀ.ਓ. ਨੂੰ ਹਦਾਇਤ ਕੀਤੀ ਕਿ ਕੰਮ ਦੇ ਨਾਲ-ਨਾਲ ਮਲਬੇ ਨੂੰ ਵੀ ਤੁਰੰਤ ਚੁੱਕਿਆ ਜਾਵੇ ਤਾਂ ਜੋ ਕਿਸੇ ਨੂੰ ਪ੍ਰੇਸ਼ਾਨੀ ਨਾ ਹੋਵੇ।

ਫੇਜ਼ 10 ਅਤੇ 11 ਦੀਆਂ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਵੱਲੋਂ ਮਾਰਕੀਟ ਨੂੰ ਜਾਣ ਵਾਲੇ ਮੁੱਖ ਰਸਤੇ ਦੀ ਉਸਾਰੀ ਦੀ ਮੰਗ ਰੱਖੀ ਗਈ, ਜਿਸ ‘ਤੇ ਸ੍ਰੀ ਵਿਨੀਤ ਵਰਮਾ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਦੀ ਇਹ ਜਾਇਜ਼ ਮੰਗ ਗਮਾਡਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਜਲਦ ਪੂਰੀ ਕਰਵਾਈ ਜਾਵੇਗੀ। ਉਨ੍ਹਾਂ ਨੇ ਗਮਾਡਾ ਅਧਿਕਾਰੀਆਂ ਨੂੰ ਇਸ ਮਸਲੇ ਦੇ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਮੰਦਿਰ ਦੇ ਪ੍ਰਧਾਨ ਵੱਲੋਂ ਦੱਸੀ ਗਈ ਸਮੱਸਿਆ ਨੂੰ ਵੀ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨਾ ਹੈ।

ਸ੍ਰੀ ਵਿਨੀਤ ਵਰਮਾ ਨੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਅਤੇ ਪੰਜਾਬ ਟ੍ਰੇਡਰਜ਼ ਕਮਿਸ਼ਨ, ਵਪਾਰੀਆਂ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹਨ। ਇਸ ਮੌਕੇ ਪਲਾਨਿੰਗ ਕਮੇਟੀ ਮੋਹਾਲੀ ਦੇ ਮੈਂਬਰ ਕਸ਼ਮੀਰ ਕੌਰ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ, ਫੇਜ਼ 11 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਗਰਗ, ਫੇਜ਼ 10 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ, ਡਾ. ਸਤੀਸ਼ ਗਰਗ, ਸੁਰਿੰਦਰ ਸਿੰਘ ਮਟੌਰ, ਗੁਰਮੇਲ ਸਿੰਘ, ਐਸ.ਪੀ. ਪਾਂਧਰ, ਸ਼ੀਤਲ ਸਿੰਘ, ਜ਼ਿਲ੍ਹਾ ਸਕੱਤਰ ਸਵਰਨ ਲਤਾ, ਬਲਾਕ ਪ੍ਰਧਾਨ ਹਰਵਿੰਦਰ ਸੋਨੀਆ ਅਤੇ ਤਰਨਜੀਤ ਪੱਪੀ ਸਮੇਤ ਹੋਰ ਵੀ ਮਾਰਕੀਟਾਂ ਦੇ ਪ੍ਰਧਾਨ ਅਤੇ ਵਪਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।