ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਪੂਰੀ ਜਿੰਦਗੀ ਸੇਧ ਦਿੰਦੇ ਰਹਿਣਗੇ- ਵਿਧਾਇਕ ਅਮਰਗੜ੍ਹ
ਮਾਲੇਰਕੋਟਲਾ, 09 ਅਗਸਤ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਅਗਵਾਈ ਹੇਠ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰੋਜੈਕਟ ਡਾਇਰੈਕਟਰ, ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਉਰਦੂ ਅਕਾਦਮੀ ਮਾਲੇਰਕੋਟਲਾ ਵਿਖੇ ਦੋ ਦਿਨਾਂ ਜ਼ਿਲ੍ਹਾ ਪੱਧਰੀ ਕਲਾ ਉਤਸਵ 2025 ਦਾ ਆਯੋਜਨ ਕੀਤਾ ਗਿਆ। ਇਸ ਉਤਸਵ ਦਾ ਸਮਾਪੰਨਉਤਸ਼ਾਹਪੂਰਵਕ ਢੰਗ ਹੋਇਆ, ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਮਿੱਟ ਯਾਦਾਂ ਛੱਡ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਚੁਣੇ ਗਏ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲਿਆਂ ਵਿੱਚ ਗੀਤ, ਭੰਗੜਾ, ਗਿੱਧਾ, ਨਾਟਕ, ਪੇਂਟਿੰਗ, ਲੇਖ,ਕਵਿਤਾ ਉਚਾਰਨ ਅਤੇ ਹੋਰ ਕਲਾਵਾਂ ਦੀ ਪ੍ਰਤਿਯੋਗਿਤਾਵਾਂ ਕਰਵਾਈਆਂ ਗਈਆਂ।
ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਮੁਕਾਬਲਿਆਂ ਵਿੱਚ ਭਾਗ ਲੈਣਾ ਵੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦਾ ਬਹੁ-ਪੱਖੀ ਵਿਕਾਸ ਹੁੰਦਾ ਹੈ, ਜੋ ਉਨ੍ਹਾਂ ਨੂੰ ਆਤਮ ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਂਦਾ ਹੈ। ਉਨ੍ਹਾਂ ਹੋਰ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਹਨਾਂ ਸੱਭਿਆਚਾਰਿਕ ਮੁਕਾਬਲਿਆਂ ਵਿੱਚ ਰੁਚੀ ਲੈਣਾ ਵੀ ਸਮੇਂ ਦੀ ਜਰੂਰਤ ਹੈ ।
ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਵਿਦਿਆਰਥੀਆਂ, ਗਾਇਡ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਉਤਸਵਾਂ ਰਾਹੀਂ ਵਿਦਿਆਰਥੀਆਂ ਦੀਆਂ ਲੁਕਵੀਂ ਕਲਾਵਾਂ ਨੂੰ ਮੰਚ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ, ਜ਼ੋਨ ਅਤੇ ਰਾਜ ਪੱਧਰ ਤੇ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਸਾਂਸਕ੍ਰਿਤਕ ਜਾਗਰੂਕਤਾ ਦੇਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਜੇਤੂ ਰਹੇ ਵਿਦਿਆਰਥੀ ਹੁਣ ਰਾਜ ਪੱਧਰੀ ਕਲਾ ਉਤਸਵ ਵਿੱਚ ਭਾਗ ਲੈਣਗੇ ਅਤੇ ਮਾਲੇਰਕੋਟਲਾ ਜ਼ਿਲ੍ਹੇ ਦੀ ਨੁੰਮਾਇੰਦਗੀ ਕਰਨਗੇ।ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਕਲਾ ਉਤਸਵ ਹੈੱਡਮਿਸਟੈ੍ਸ ਰਾਜਵੀਰ ਕੌਰ, ਸਹਾਇਕ ਜ਼ਿਲ੍ਹਾ ਨੋਡਲ ਅਫਸਰ ਕਲਾ ਉਤਸਵ ਮੁਹੰਮਦ ਅਸਦ ਅਹਿਸਾਨ, ਪ੍ਰਿੰਸੀਪਲ ਆਰਤੀ ਗੁਪਤਾ ਪ੍ਰਿੰਸੀਪਲ ਰਜਿੰਦਰ ਕੁਮਾਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।