ਮੋਹਾਲੀ, 12 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਇੱਕ ਸੈਮੀਕੰਡਕਟਰ ਪਲਾਂਟ ਸਥਾਪਤ ਕੀਤਾ ਜਾਵੇਗਾ, ਜਿਸ ਨੂੰ ਕੇਂਦਰ ਸਰਕਾਰ ਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦੇਸ਼ ਭਰ ਵਿੱਚ ਕੁੱਲ 4 ਪਲਾਂਟ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਸ਼ਾਮਲ ਹਨ।
ਇਨ੍ਹਾਂ ਪਲਾਂਟਾਂ ‘ਤੇ ਕੁੱਲ 4,594 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਪ੍ਰੋਜੈਕਟ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ। ਪੰਜਾਬ ਸਰਕਾਰ ਪਹਿਲਾਂ ਹੀ ਇਸ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ।
ਮੋਹਾਲੀ ਵਿੱਚ ਇੱਕ ਸੈਮੀਕੰਡਕਟਰ ਪਾਰਕ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਹੀਨੇ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਪ੍ਰਮੁੱਖ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਦੇਸ਼ ਦਾ ਮੋਹਰੀ ਸੈਮੀਕੰਡਕਟਰ ਹੱਬ ਬਣਾਉਣ ਲਈ ਰਣਨੀਤੀ ਤਿਆਰ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੰਜਾਬ ਵਿੱਚ ਇੱਕ ਮਜ਼ਬੂਤ ਸੈਮੀਕੰਡਕਟਰ ਈਕੋਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ।
