ਮੋਹਾਲੀ, 14 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗੈਂਗਸਟਰ ਲਾਰੈਂਸ ਗੈਂਗ ਦੇ ਦੋ ਮੋਸਟ ਵਾਂਟੇਡ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋਵਾਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ‘ਤੇ ਪਿੰਡ ਸ਼ੰਭੂ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ। ਦੋਵਾਂ ਨੇ ਮਈ 2025 ਵਿੱਚ ਇਹ ਕਤਲ ਕੀਤਾ ਸੀ। ਜਿਸ ਤੋਂ ਬਾਅਦ ਉਹ ਨੇਪਾਲ ਭੱਜ ਗਏ ਅਤੇ ਵਿਦੇਸ਼ਾਂ ਵਿੱਚ ਬੈਠੇ ਗੈਂਗ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਇੱਕ ਸਨਸਨੀਖੇਜ਼ ਅਪਰਾਧ ਕਰਨ ਦੇ ਇਰਾਦੇ ਨਾਲ ਪੰਜਾਬ ਵਾਪਸ ਆਏ ਸਨ।
ਪੁਲਿਸ ਅਨੁਸਾਰ ਦੋਵਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ 15 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਹੋਰ ਗੰਭੀਰ ਅਪਰਾਧ ਸ਼ਾਮਲ ਹਨ।
ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਗਲੋਕ 9 ਐਮਐਮ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਐਸਏਐਸ ਨਗਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
