ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਪੰਜਾਬ

ਅੰਮ੍ਰਿਤਸਰ, 15 ਅਗਸਤ- ਦੇਸ਼ ਕਲਿੱਕ ਬਿਓਰੋ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਅਗਸਤ 2025 ਨੂੰ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜਮਾਂ ਦੇ ਜਥੇ ਨੂੰ ਅਰਦਾਸ ਕਰਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਆਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋੜੀਂਦੇ ਪ੍ਰਬੰਧਾਂ ਲਈ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ ਅਤੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਧੋਬੜੀ ਸਾਹਿਬ ਵਿਖੇ 20 ਅਗਸਤ ਰਾਤ ਨੂੰ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। 21 ਅਗਸਤ ਨੂੰ ਸਵੇਰੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਬਲਦੇਵ ਸਿੰਘ, ਸ. ਦਵਿੰਦਰ ਸਿੰਘ ਖੁਸ਼ੀਪੁਰ, ਸ. ਕਰਮਵੀਰ ਸਿੰਘ, ਸ. ਸ਼ਿਵਰਾਜ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ ਅਤੇ ਹੋਰ ਕਰਮਚਾਰੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।