ਭਗਵੰਤ ਮਾਨ ਸਰਕਾਰ ਕਿਸੇ ਵੀ ਯੋਗ ਲਾਭਪਾਤਰੀ ਦਾ ਕਾਰਡ ਨਹੀਂ ਕੱਟਣ ਦੇਵੇਗੀ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਪੰਜਾਬ

ਇਹ ਸਿਰਫ ਰਾਸ਼ਨ ਦੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੇ ਸਨਮਾਨ ਅਤੇ ਹੱਕਾਂ ਦੀ ਲੜਾਈ ਹੈ: ਮੰਤਰੀ ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 24 ਅਗਸਤ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤੀ ਜਨਤਾ ਪਾਰਟੀ ਦੀਆਂ ਕੋਝੀਆਂ ਚਾਲਾਂ ਨੂੰ ਕਿਸੇ ਵੀ ਹੀਲੇ ਕਾਮਯਾਬ ਨਹੀਂ ਹੋਣ ਦੇਵੇਗੀ ਕਿਉਂਕਿ ਇਨ੍ਹਾਂ ਦੀ ਕੇਂਦਰ ਸਰਕਾਰ ਨੇ ਪੰਜਾਬ ਦੇ 55 ਲੱਖ ਗਰੀਬ ਲੋਕਾਂ ਦਾ ਰਾਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਸਿਰਫ ਇੱਕ ਫੈਸਲਾ ਨਹੀਂ ਸਗੋਂ ਪੰਜਾਬ ‘ਤੇ ਸਿੱਧਾ ਹਮਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਕੀਤੀ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1.53 ਕਰੋੜ ਲੋਕਾਂ ਨੂੰ ਰਾਸ਼ਨ ਕਾਰਡਾਂ ਰਾਹੀਂ ਮੁਫ਼ਤ ਰਾਸ਼ਨ ਮਿਲਦਾ ਹੈ ਅਤੇ ਕੇਂਦਰ ਦੇ ਇਸ ਨਾਦਰਸ਼ਾਹੀ ਫਰਮਾਨ ਨਾਲ 8 ਲੱਖ ਤੋਂ ਵੱਧ ਕਾਰਡ ਕੱਟੇ ਜਾਣਗੇ ਜਿਸ ਨਾਲ ਸਤੰਬਰ ਮਹੀਨੇ ਤੋਂ 32 ਲੱਖ ਲੋੜਵੰਦ ਪੰਜਾਬੀਆਂ ਦਾ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਵਿੱਚ ਵੀ ਈ-ਕੇਵਾਈਸੀ ਦੇ ਨਾਮ ‘ਤੇ 23 ਲੱਖ ਲੋਕਾਂ ਦਾ ਰਾਸ਼ਨ ਬੰਦ ਕੀਤਾ ਗਿਆ ਸੀ।

ਕੈਬਨਿਟ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸੇ ਵੀ ਯੋਗ ਲਾਭਪਾਤਰੀ ਦਾ ਕਾਰਡ ਕੱਟਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕੇਂਦਰ ਦੀ ਇਸ ਚਾਲ ਨੂੰ ਮੁੱਢੋਂ ਖਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕੇਂਦਰ ਕੋਲੋਂ ਲਾਭਪਾਤਰੀਆਂ ਦੀ ਈ-ਕੇਵਾਈਸੀ ਪੂਰੀ ਕਰਨ ਲਈ 6 ਮਹੀਨੇ ਦਾ ਸਮਾਂ ਵੀ ਮੰਗਿਆ ਹੈ।

ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ ਰਾਸ਼ਨ ਦੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੇ ਸਨਮਾਨ ਅਤੇ ਹੱਕਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਗਰੀਬਾਂ ਦੇ ਰਾਸ਼ਨ ਲਈ ਹੀ ਨਹੀਂ ਸਗੋਂ ਪੰਜਾਬੀਆਂ ਨੂੰ ਆਂਗਨਵਾੜੀ ਸੈਂਟਰਾਂ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਮਾਂਵਾਂ ਦੇ ਪੋਸ਼ਣ-ਰਾਸ਼ਨ ਤੇ ਇੱਥੋਂ ਤੱਕ ਕਿ ਬੁਢਾਪਾ ਪੈਨਸ਼ਨ ਦੇ 150 ਰੁਪਏ ਹਿੱਸੇ ਲਈ ਵੀ ਸ਼ੁਰੂ ਤੋਂ ਹੀ ਤੰਗ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਤਾਂ ਪੰਜਾਬੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਧੱਕਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਦੇ ਹਰ ਹੱਕ ਲਈ ਡੱਟ ਕੇ ਪਹਿਰਾ ਦੇਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਚੇਅਰਮੈਨ ਸਹਿਕਾਰੀ ਸੁਸਾਇਟੀ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਯੂਥ ਆਗੂ ਸਰਬਜੀਤ ਸਿੰਘ ਹੈਪੀ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।