ਹੜ੍ਹ ਪ੍ਰਭਾਵਿਤ ਲੋਕਾਂ ਤੱਕ ਡਰੋਨ ਨਾਲ ਪਹੁੰਚਾਈ ਜਾ ਰਹੀ ਹੈ ਰਾਹਤ ਸਮਗਰੀ

ਪੰਜਾਬ

ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਡਰੋਨ ਰਾਹੀਂ ਰਾਹਤ ਸਮਗਰੀ ਪਹੁੰਚਾਈ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਡਰੋਨ ਜਰੀਏ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਸਮਗਰੀ ਪਹੁੰਚਾਉਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਕੰਮਾਂ ਲਈ ਵਰਤੇ ਜਾਂਦੇ ਡਰੋਨ ਨੂੰ ਡੇਰਾ ਬਾਬਾ ਨਾਨਕ ਵਿਖੇ ਰਾਹਤ ਸਮਗਰੀ ਪਹੁੰਚਣ ਲਈ ਵਰਤਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ ਨੇ ਦੱਸਿਆ ਕਿ ਰਾਵੀ ਦਰਿਆ ਦੇ ਨਾਲ ਲੱਗਦੇ ਕਈ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਆ ਗਿਆ ਹੈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਰਾਹਤ ਸਮਗਰੀ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆ ਰਹੀ ਸੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਅੱਜ ਉਨ੍ਹਾਂ ਵੱਲੋਂ ਖੇਤੀਬਾੜੀ ਕੰਮਾਂ (ਸਪਰੇਅ ਆਦਿ) ਕਰਨ ਵਾਲੇ ਡਰੋਨ ਰਾਹੀਂ ਪਾਣੀ ਵਿੱਚ ਘਿਰੇ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਰੋਨ ਜਰੀਏ ਪ੍ਰਭਾਵਿਤ ਲੋਕਾਂ ਤੱਕ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ ਅਤੇ ਦਵਾਈਆਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਦੋਂ ਇਹ ਡਰੋਨ ਰਾਹਤ ਸਮਗਰੀ ਲੈ ਕੇ ਪ੍ਰਭਾਵਿਤ ਲੋਕਾਂ ਤੱੱਕ ਪਹੁੰਚਦਾ ਹੈ ਤਾਂ ਉਨ੍ਹਾਂ ਵੱਲੋਂ ਡਰੋਨ ਨਾਲ ਬੱਧੇ ਰਾਹਤ ਸਮਗਰੀ ਦੇ ਪੈਕਟ ਨੂੰ ਲਾਹ ਲਿਆ ਜਾਂਦਾ ਹੈ।

ਐੱਸ.ਡੀ.ਐੱਮ. ਸ੍ਰੀ ਆਦਿੱਤਯ ਨੇ ਕਿਹਾ ਕਿ ਇਹ ਡਰੋਨ ਹੜ੍ਹ ਵਿੱਚ ਘਿਰੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਟਰਾਇਲ ਪੂਰੀ ਤਰਾਂ ਸਫਲ ਰਿਹਾ ਹੈ ਅਤੇ ਕੱਲ੍ਹ ਤੋਂ ਡਰੋਨ ਰਾਹੀਂ ਸਹਾਇਤਾ ਪਹੁੰਚਾਉਣ ਦਾ ਸਿਲਸਲਾ ਜਾਰੀ ਰਹੇਗਾ।

ਇਸ ਮੌਕੇ ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਇੰਦਰਜੀਤ ਸਿੰਘ, ਬੀ.ਡੀ.ਪੀ.ਓ. ਅਮਨਦੀਪ ਕੌਰ, ਧੀਰਜ ਸ਼ਰਮਾ ਵੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।