ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਕੀਤੀ ਕੋਰੀ ਨਾਂਹ,  ਪਹਿਲਾਂ ਜਾ ਰਹੇ ਪਾਣੀ ਨੂੰ ਵੀ ਘਟਾਉਣ ਲਈ ਕਿਹਾ

ਪੰਜਾਬ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ :

ਹਰਿਆਣਾ ਹਮੇਸ਼ਾ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰਦਾ ਆ ਰਿਹਾ ਹੈ, ਹੁਣ ਜਦੋਂ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ ਤਾਂ ਵਾਧੂ ਪਾਣੀ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ, ਸਗੋਂ ਪਹਿਲਾਂ ਤੋਂ ਜਾ ਰਹੇ ਪਾਣੀ ਵਿਚੋਂ ਵੀ ਘਟਾਉਣ ਲਈ ਕਹਿ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਦੌਰਾਨ 22 ਅਗਸਤ ਨੂੰ ਹਰਿਆਣਾ ਨੂੰ ਪੱਤਰ ਲਿਖਿਆ ਗਿਆ। ਇਸ ਪੱਤਰ ਵਿੱਚ ਦਰਿਆਈ ਪਾਣੀਆਂ ’ਚੋਂ ਹੋਰ ਪਾਣੀ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਸੂਬੇ ਵਿੱਚ ਹੋ ਰਹੀ ਹੜ੍ਹ ਨਾਲ ਤਬਾਹੀ ਤੋਂ ਜਾਣੂ ਕਰਵਾਇਆ ਸੀ। ਇਸ ਦੇ ਨਾਲ ਹੀ ਡੈਮਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਾਣਾ ਨੂੰ ਹੋਰ ਪਾਣੀ ਲੈਣ ਲਈ ਅਪੀਲ ਕੀਤੀ ਸੀ। ਹਰਿਆਣਾ ਨੇ ਪੰਜਾਬ ਸਰਕਾਰ ਵੱਲੋਂ ਪੱਤਰ ਲਿਖ ਕੇ ਕੀਤੀ ਗਈ ਅਪੀਲ ਉਤੇ ਪਹਿਲਾਂ ਤਾਂ ਹਫਤਾ ਚੁੱਪ ਧਾਰੀ ਰੱਖੀ। ਹੁਣ ਹਰਿਆਣਾ ਸਰਕਾਰ ਨੇ ਹਰਿਆਣਾ ਭਾਖੜਾ ਨਹਿਰ ’ਚ ਪਾਣੀ ਘੱਟ ਕਰਨ ਵਾਸਤੇ ਆਖਿਆ ਹੈ। ਲਿਖੇ ਗਏ ਪੱਤਰ ਵਿੱਚ ਹਰਿਆਣਾ ਸਰਕਾਰ ਨੇ ਸੂਬੇ ’ਚ ਹੜ੍ਹਾਂ ਦੀ ਸਥਿਤੀ ਬਣਨ ਦਾ ਹਵਾਲਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਨੇ ਪਹਿਲਾਂ 7900 ਕਿਊਸਿਕ ਪਾਣੀ ਦਾ ਇਨਡੈਂਟ ਦਿੱਤਾ ਸੀ ਅਤੇ ਅੱਜ ਉਸ ਨੇ ਪੰਜਾਬ ਇਹ ਇਨਡੈਂਟ ਘਟਾ ਕੇ 6250 ਕਿਊਸਿਕ ਕਰਨ ਲਈ ਕਿਹਾ ਹੈ। ਭਾਖੜਾ ਨਹਿਰ ’ਚ ਇਸ ਵੇਲੇ 8894 ਕਿਊਸਕ ਪਾਣੀ ਚੱਲ ਰਿਹਾ ਸੀ। ਭਾਖੜਾ ਨਹਿਰ ’ਚੋਂ ਜੋ ਪੰਜਾਬ ਪਾਣੀ ਵਰਤਦਾ ਹੈ, ਉਸ ਦੀ ਖੇਤਾਂ ਲਈ ਹੁਣ ਕੋਈ ਮੰਗ ਨਾ ਰਹਿਣ ਕਰਕੇ ਮੋਘੇ ਬੰਦ ਹੋ ਗਏ ਹਨ ਤੇ ਇਹ ਪਾਣੀ ਵੀ ਹਰਿਆਣਾ ਵੱਲ ਜਾ ਰਿਹਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।