ਕੇਂਦਰ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੀ ਜਿੰਮੇਵਾਰੀ ਸਮਝਦਿਆਂ ਪੰਜਾਬ ਦੀ ਬਾਂਹ ਫੜੇ : ਹਰਚੰਦ ਸਿੰਘ ਬਰਸਟ

ਪੰਜਾਬ

— ਪੰਜਾਬ ਦੇ ਬਕਾਇਆ 60 ਹਜਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ ਅਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਵੇ

ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸਨੂੰ ਗੰਭੀਰਤਾ ਨਾਲ ਲੈਂਦੀਆਂ ਹੋਇਆ ਕੇਂਦਰ ਸਰਕਾਰ ਨੂੰ ਤੁਰੰਤ ਪੰਜਾਬ ਦੇ 60,000 ਕਰੋੜ ਰੁਪਏ ਦੇ ਰੁਕੇ ਬਕਾਇਆ ਫੰਡ ਜਾਰੀ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਪਹਾੜਾ ਵਿੱਚ ਪੈ ਰਹੇ ਭਾਰੀ ਮੀਂਹ ਕਰਕੇ ਪੰਜਾਬ ਦੇ ਦਰਜ਼ਨ ਤੋਂ ਵੱਧ ਜਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਜਿਸ ਕਰਕੇ ਪੰਜਾਬ ਦੀ ਕਰੀਬ 3 ਲੱਖ ਏਕੜ ਜਮੀਨ ਪ੍ਰਭਾਵਿਤ ਹੋ ਗਈ ਹੈ ਅਤੇ ਝੋਨੇ ਦੇ ਖੇਤ ਹੜ੍ਹ ਦੀ ਮਾਰ ਹੇਠ ਹਨ। 1400 ਦੇ ਕਰੀਬ ਪਿੰਡ ਡੁੱਬ ਗਏ ਹਨ ਅਤੇ ਲੱਖਾ ਲੋਕ ਪ੍ਰਭਾਵਿਤ ਹੋਏ ਹਨ। ਅਜਿਹੇ ਹਾਲਾਤ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਬਾਂਹ ਫੜਣ ਲਈ ਅੱਗੇ ਨਹੀਂ ਆ ਰਹੀ ਹੈ। ਜਦੋਂ ਕਿ ਕੇਂਦਰ ਸਰਕਾਰ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੀ ਬਾਂਹ ਫੜਨੀ ਚਾਹੀਦੀ ਹੈ। ਕੇਂਦਰ ਸਰਕਾਰ ਵੱਲ ਪੰਜਾਬ ਸਰਕਾਰ ਦਾ ਆਰ.ਡੀ.ਐਫ., ਹੈਲਥ ਮਿਸ਼ਨ, ਪ੍ਰਧਾਨ ਮੰਤਰੀ ਸੜਕ ਯੋਜਨਾ ਅਤੇ ਜੀ.ਐਸ.ਟੀ. ਦਾ ਘਾਟਾ ਸਮੇਤ 60,000 ਕਰੋੜ ਰੁਪਇਆ ਦਾ ਬਕਾਇਆ ਖੜਾ ਹੈ।

ਸ. ਬਰਸਟ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਨੇ ਨਵੇਂ ਫੰਡ ਤਾਂ ਕੀ ਜਾਰੀ ਕਰਨੇ ਸੀ, ਬਲਕਿ ਬਕਾਇਆ ਫੰਡ ਵੀ ਜਾਰੀ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ ਤੇ ਪੰਜਾਬ ਦੇ 60,000 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ। ਇਸਦੇ ਨਾਲ ਹੀ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇ ਤੌਰ ਤੇ 25,000 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਦੇਣੀ ਚਾਹੀਦੀ ਹੈ ਅਤੇ ਬਾਕੀ ਨੁਕਸਾਨ ਦਾ ਬਣਦਾ ਹੱਕ ਡਿਜਾਸਟਰ ਮੈਨੇਜਮੇਂਟ ਦੇ ਤਹਿਤ ਦੇਕੇ ਕੇ ਪੰਜਾਬ ਦੀ ਮਦਦ ਕਰੇ। ਇਸਦੇ ਨਾਲ ਹੀ ਉਨ੍ਹਾਂ ਨੇ ਐਸਡੀਆਰਐਫ ਦੇ ਮੁਆਵਜਾ ਨਿਯਮਾਂ ਵਿੱਚ ਵੀ ਸੋਧ ਕਰਨ ਦੀ ਮੰਗ ਕੀਤੀ ਹੈ, ਕਿਉਂਕਿ ਮੌਜੂਦਾ ਨਿਯਮਾਂ ਅਨੁਸਾਰ ਮੁਆਵਜਾ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਫਸਲ ਦੇ ਖਰਾਬੇ ਲਈ ਕਿਸਾਨਾਂ ਨੂੰ ਘੱਟੋ-ਘੱਟ 50,000 ਪ੍ਰਤੀ ਏਕੜ ਮੁਆਵਜਾ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਵੱਲੋਂ ਅਜੇ ਤੱਕ ਪੰਜਾਬ ਦੇ ਹਿੱਤ ਵਿੱਚ ਇੱਕ ਵੀ ਸ਼ਬਦ ਨਹੀਂ ਬੋਲਿਆ ਗਿਆ ਹੈ, ਇਸ ਤੋਂ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਮਾਨਸਿਕਤਾ ਜੱਗ ਜਾਹਿਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਪੰਜਾਬ ਦੇ ਨੋਜਵਾਨ ਦੇਸ਼ ਹੀ ਸਰਹਦਾਂ ਤੇ ਮੋਹਰੀ ਹੋ ਕੇ ਖੜੇ ਹਨ। ਦੇਸ਼ ਵਿੱਚ ਹਰ ਦੁੱਖ ਦੀ ਘੜੀ ਵਿੱਚ ਪੰਜਾਬ ਮੋਹਰੀ ਹੋ ਕੇ ਹਰ ਦੁੱਖ ਨੂੰ ਝੱਲਦਾ ਰਿਹਾ ਹੈ। ਪਰ ਜਦੋਂ ਅੱਜ ਪੰਜਾਬ ਤੇ ਵਿਪਤਾ ਦਾ ਸਮਾਂ ਆਇਆ ਹੈ, ਤਾਂ ਕੋਈ ਵੀ ਪੰਜਾਬ ਦੀ ਬਾਂਹ ਫੜਨ ਲਈ ਤਿਆਰ ਨਹੀਂ ਹੋ ਰਿਹਾ ਹੈ, ਨਾ ਹੀ ਕੇਂਦਰ ਸਰਕਾਰ ਅਤੇ ਨਾਲ ਹੀ ਕੋਈ ਹੋਰ ਸੂਬਾ ਸਰਕਾਰ।

ਸ. ਬਰਸਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਰਜ਼ ਬਣਦਾ ਹੈ ਕਿ ਅੱਜ ਇਸ ਵਿਪਤਾ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੀ ਵੱਧ ਤੋਂ ਵੱਧ ਮਦਦ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਗਠਨ ਵੱਲੋਂ ਹੜ੍ਹ ਪੀੜਿਤਾਂ ਲਈ ਜੋ ਵੀ ਉਪਰਾਲੇ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ। ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਜਲਦੀ ਰਾਹਤ ਦੇਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।