ਕੈਬਨਿਟ ਮੰਤਰੀ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨੁਕਸਾਨ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਅੱਜ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਥੇੜੀ, ਫਕਰਸਰ, ਘੱਗਾ ਅਤੇ ਜੰਡਵਾਲਾ ਦੇ ਖੇਤਾਂ ਅਤੇ ਮਕਾਨਾਂ ਨੂੰ ਹੋਏ ਨੁਕਸਾਨ ਦੀ ਸਥਿਤੀ ਦਾ ਜਾਇਜ਼ਾ ਲਿਆ।
ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨੁਕਸਾਨ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬੀਆਂ ‘ਤੇ ਆਈ ਇਸ ਔਖੀ ਘੜੀ ਮੌਕੇ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਅਤੇ ਵਿਧਾਇਕ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਖੁਦ ਅੱਗੇ ਹੋ ਕੇ ਲੋਕਾਂ ਦੀ ਮਦਦ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਤਾਂ ਆਪਣੇ ਪੱਧਰ ‘ਤੇ ਹੜ੍ਹਾਂ ਦਾ ਨੁਕਸਾਨ ਰੋਕਣ ਲਈ ਆਪਣੀ ਪੂਰੀ ਵਾਹ ਲਗਾ ਰਹੀ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਹੜ੍ਹਾਂ ਦੇ ਨੁਸਕਾਨ ਦੀ ਪੂਰਤੀ ਵਜੋਂ ਸਪੈਸ਼ਲ ਪੈਕੇਜ ਦਿੱਤਾ ਜਾਵੇ।