ਹਰਿਆਣਾ ਅਤੇ ਦਿੱਲੀ ਸਰਕਾਰਾਂ ਨੇ ਪੰਜ-ਪੰਜ ਕਰੋੜ ਤੇ 100 ਤੋਂ ਵੱਧ ਟਰੱਕ ਰਾਹਤ ਸਮੱਗਰੀ ਭੇਜੀ
ਪੰਜਾਬ ਦੇ ਲੋਕਾਂ ਦਾ ਦਰਦ ਸਾਂਝਾ ਕਰਨ ਲਈ ਅੱਜ ਆਉਣਗੇ ਪ੍ਰਧਾਨ ਮੰਤਰੀ
ਆਲੋਚਨਾ ਦੀ ਬਜਾਏ ਧੰਨਵਾਦ ਪ੍ਰਗਟ ਕਰੇ ਪੰਜਾਬ ਸਰਕਾਰ
ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ :
ਭਾਜਪਾ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਹੜ੍ਹ ਰਾਹਤ ਪ੍ਰਬੰਧਾਂ ਵਿੱਚ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹ ਦੇ ਮੁੱਦੇ ‘ਤੇ ਕੇਂਦਰ ਅਤੇ ਭਾਜਪਾ ਸ਼ਾਸਿਤ ਸੂਬਾ ਸਰਕਾਰਾਂ ਪੂਰੀ ਤਰ੍ਹਾਂ ਗੰਭੀਰ ਹਨ।
ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਅਜੇ ਵੀ ਮੀਟਿੰਗਾਂ ਵਿੱਚ ਰੁੱਝੀ ਹੋਈ ਹੈ ਅਤੇ ਆਪਣੀਆਂ ਨਾਕਾਮੀਆਂ ਦਾ ਠੀਕਰਾ ਕੇਂਦਰ ਸਰਕਾਰ ਦੇ ਸਿਰ ਭੰਨ ਰਹੀ ਹੈ, ਉੱਥੇ ਹੀ ਹਰਿਆਣਾ ਅਤੇ ਦਿੱਲੀ ਦੀਆਂ ਭਾਜਪਾ ਸਰਕਾਰਾਂ ਵੱਲੋਂ ਪੰਜ-ਪੰਜ ਕਰੋੜ ਰੁਪਏ ਅਤੇ ਸੌ ਤੋਂ ਵੱਧ ਟਰੱਕ ਰਾਹਤ ਸਮੱਗਰੀ ਪੰਜਾਬ ’ਚ ਭੇਜੀ ਜਾ ਚੁੱਕੀ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਪੰਜਾਬ ਫੇਰੀ ਦੌਰਾਨ ਸਪੱਸ਼ਟ ਕੀਤਾ ਹੈ ਕਿ ਹੜ੍ਹਾਂ ਦਾ ਮੁੱਖ ਕਾਰਨ ਸਰਹੱਦੀ ਖੇਤਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਹੈ। ਇਸ ਬਾਰੇ ਫੌਜ ਵੀ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸ ਚੁੱਕੀ ਹੈ। ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਸਮੇਂ ਬਣਾਏ ਗਏ ਬੰਨ੍ਹ ਅੱਜ ਖਤਮ ਹੋ ਚੁੱਕੇ ਹਨ। ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।
ਖੰਨਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਰਾਹਤ ਫੰਡ ਵਿੱਚ 5 ਕਰੋੜ ਰੁਪਏ ਦਿੱਤੇ ਅਤੇ ਹਰਿਆਣਾ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁਣ ਤੱਕ ਰਾਹਤ ਸਮੱਗਰੀ ਦੇ ਲਗਭਗ 70 ਟਰੱਕ ਪੰਜਾਬ ਭੇਜੇ ਜਾ ਚੁੱਕੇ ਹਨ। ਦਿੱਲੀ ਸਰਕਾਰ ਵੀ 5 ਕਰੋੜ ਰੁਪਏ ਦੀ ਸਹਾਇਤਾ ਅਤੇ 50 ਟਰੱਕ ਰਾਹਤ ਸਮੱਗਰੀ ਭੇਜ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਲਗਾਤਾਰ ਪੰਜਾਬ ਸਰਕਾਰ ਤੋਂ ਰਿਪੋਰਟਾਂ ਲੈ ਰਹੇ ਹਨ ਅਤੇ ਹੁਣ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਦਾ ਦਰਦ ਸਾਂਝਾ ਕਰਨ ਆ ਰਹੇ ਹਨ।
ਦੇਸ਼ ਭਰ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਸਰਕਾਰਾਂ ਪੰਜਾਬ ਦੇ ਲੋਕਾਂ ਨਾਲ ਖੜ੍ਹੀਆਂ ਹਨ। ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮੁੱਦੇ ‘ਤੇ ਦੂਜਿਆਂ ‘ਤੇ ਦੋਸ਼ ਲਗਾ ਕੇ ਸਿਰਫ ਰਾਜਨੀਤੀ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਸਬਕ ਲੈਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਆਉਣ ‘ਤੇ ਖੁੱਲ੍ਹੇ ਦਿਲ ਨਾਲ ਸਵਾਗਤ ਕਰਨਾ ਚਾਹੀਦਾ ਹੈ ਅਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦਾ ਧੰਨਵਾਦ ਕਰਨਾ ਚਾਹੀਦਾ ਹੈ।