ਲੁਧਿਆਣਾ, 11 ਸਤੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਇੱਕ ਹੋਮਗਾਰਡ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ। ਉਹ ਜੇਲ੍ਹ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਅਧਿਕਾਰੀਆਂ ਨੇ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਹਨ।
ਮੁਲਜ਼ਮ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਡਿਊਟੀ ‘ਤੇ ਸੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲੀਸ ਨੂੰ ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਸੁਰਿੰਦਰਪਾਲ ਨੇ ਦੱਸਿਆ ਕਿ ਜੇਲ੍ਹ ਦੇ ਅੰਦਰ ਚੈਕਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਹੋਮਗਾਰਡ ਦੇ ਕਰਮਚਾਰੀ ਸੁਖਪ੍ਰੀਤ ਸਿੰਘ, ਪੇਟੀ ਨੰਬਰ 33434 ਤੋਂ 14 ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ, ਕੈਪਸੂਲ, ਕੂਲ ਲਿਪ ਦੇ 3 ਖੁੱਲ੍ਹੇ ਪੈਕੇਟ ਅਤੇ ਤੰਬਾਕੂ ਦਾ 1 ਪੈਕੇਟ ਬਰਾਮਦ ਕੀਤਾ। ਪਤਾ ਲੱਗਾ ਹੈ ਕਿ ਮੁਲਜ਼ਮ ਕੈਦੀਆਂ ਤੋਂ ਵੱਡੀ ਰਕਮ ਪ੍ਰਾਪਤ ਕਰਕੇ ਉਨ੍ਹਾਂ ਨੂੰ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦਾ ਸੀ।
ਜਦੋਂ ਜੇਲ੍ਹ ਦੇ ਸੀਨੀਅਰ ਅਧਿਕਾਰੀਆਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸੁਖਪ੍ਰੀਤ ਨੂੰ ਚੈਕਿੰਗ ਦੌਰਾਨ ਗ੍ਰਿਫ਼ਤਾਰ ਕਰ ਲਿਆ। ਸੁਖਪ੍ਰੀਤ ਪਿੰਡ ਕਮਾਣਾ ਥਾਣਾ ਤਹਿਸੀਲ ਖੰਨਾ ਦਾ ਰਹਿਣ ਵਾਲਾ ਹੈ।ਮੁਲਜ਼ਮ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
