ਲਹਿਰਾ ਮੁਹੱਬਤ:11 ਸਤੰਬਰ, ਦੇਸ਼ ਕਲਿੱਕ ਬਿਓਰੋ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ 28 ਸਤੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਕੀਤੀ ਕਨਵੈਨਸ਼ਨ,ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ,ਨਾਇਬ ਸਿੰਘ ਅਤੇ ਬਲਜਿੰਦਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਤੋਂ ਸਿੱਧ ਹੁੰਦਾ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ “ਮੋਰਚੇ” ਦੇ ਬੈਨਰ ਹੇਠ ਸ਼ਹੀਦ-ਏ-ਆਜ਼ਮ ਸ੍ਰ.ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ “28 ਸਤੰਬਰ 2025” ਨੂੰ ਸੰਗਰੂਰ ਵਿਖੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਵਿਭਾਗਾਂ ਵਿੱਚੋਂ ਬਾਹਰ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ !